ਖਨੌਰੀ ਬਾਰਡਰ ’ਤੇ ਡੱਲੇਵਾਲ ਦਾ ਮਰਨ ਵਰਤ 50ਵੇਂ ਦਿਨ ਵੀ ਜਾਰੀ, ਹਰ ਪਲ ਵਿਗੜਦੀ ਜਾ ਰਹੀ ਹੈ ਸਿਹਤ

ਨਿਊਜ਼ ਪੰਜਾਬ

ਨਵੀ ਦਿੱਲੀ,14 ਜਨਵਰੀ 2025

ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਬਾਰਡਰ ’ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ ਨੂੰ 50ਵੇਂ ਦਿਨ ਵੀ ਜਾਰੀ ਹੈ। ਉਨ੍ਹਾਂ ਦੀ ਸਿਹਤ ਸੰਭਾਲ ਵਿਚ ਲੱਗੇ ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਹਰ ਪਲ ਵਿਗੜਦੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਬੋਲਣ ਵਿੱਚ ਵੀ ਦਿੱਕਤ ਆ ਰਹੀ ਹੈ।ਪਾਤੜਾਂ ਦੇ ਗੁਰਦੁਆਰਾ ਸਾਹਿਬ ਵਿਖੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੀ ਤਾਲਮੇਲ ਕਮੇਟੀ ਦੇ ਨਾਲ ਸਾਂਝੇ ਕਿਸਾਨ ਮੋਰਚਾ ਦੀ ਸਾਂਝੀ ਮੀਟਿੰਗ ਹੋਈ। ਕਿਸਾਨ ਆਗੂਆਂ ਨੇ ਦੱਸਿਆ ਕਿ ਮੀਟਿੰਗ ਬਹੁਤ ਹੀ ਸਦਭਾਵਨਾ ਵਾਲੇ ਮਾਹੌਲ ਵਿੱਚ ਹੋਈ ਅਤੇ ਇਸ ਵਿਆਪਕ ਏਕਤਾ ਨੂੰ ਅੱਗੇ ਵਧਾਉਣ ਲਈ ਸਹੀ ਦਿਸ਼ਾ ਵਿੱਚ ਸਾਰਥਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਸਾਰੇ ਕਿਸਾਨ ਇਕਜੁੱਟ ਹਨ ਅਤੇ ਤਕੜੇ ਹੋ ਕੇ ਸੰਘਰਸ਼ ਕੀਤਾ ਜਾਵੇਗਾ। ਅਗਲੀ ਮੀਟਿੰਗ 18 ਜਨਵਰੀ ਨੂੰ ਪਾਤੜਾਂ ਵਿੱਚ ਬੁਲਾਈ ਗਈ ਹੈ।