ਪੰਜਾਬ ਦੇ ਬਠਿੰਡਾ’ ਚ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਤਹਿਸੀਲ ਕੰਪਲੈਕਸ ਦੀ ਅਚਨਚੇਤ ਕੀਤੀ ਚੈਕਿੰਗ

ਨਿਊਜ਼ ਪੰਜਾਬ

ਬਠਿੰਡਾ,5 ਫਰਵਰੀ 2025

ਪੰਜਾਬ ਦੇ ਮਾਲ ਤੇ ਮੁੜ ਵਸੇਬਾ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਬਠਿੰਡਾ ਵਿਖੇ ਤਹਿਸੀਲ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕਰਦਿਆਂ ਸਬ-ਰਜਿਸਟਰਾਰ ਦਫ਼ਤਰ, ਫ਼ਰਦ ਕੇਂਦਰ ਤੇ ਹੋਰ ਵੱਖ-ਵੱਖ ਬਰਾਂਚਾਂ ਦਾ ਦੌਰਾ ਕਰਕੇ ਕੰਮ ਦਾ ਨਿਰੀਖਣ ਕੀਤਾ।

ਕੈਬਨਿਟ ਮੰਤਰੀ ਸ. ਮੁੰਡੀਆਂ ਨੇ ਸਬ-ਰਜਿਸਟਰਾਰ ਦਫ਼ਤਰ ਦੀ ਚੈਕਿੰਗ ਦੌਰਾਨ ਹਦਾਇਤ ਕੀਤੀ ਕਿ ਰਜਿਸਟਰੀ ਮੌਕੇ ਖ਼ਰੀਦਦਾਰ ਤੇ ਵੇਚਣ ਵਾਲੇ ਦੋਵਾਂ ਦਾ ਹੋਣਾ ਲਾਜ਼ਮੀ ਬਣਾਇਆ ਜਾਵੇ ਅਤੇ ਸੀ.ਸੀ.ਟੀ.ਵੀ. ਕੈਮਰੇ ਹਮੇਸ਼ਾ ਚਾਲੂ ਹਾਲਤ ਵਿੱਚ ਰੱਖੇ ਜਾਣ। ਫ਼ਰਦ ਕੇਂਦਰ ਦੇ ਨਿਰੀਖਣ ਦੌਰਾਨ ਉਨ੍ਹਾਂ ਆਦੇਸ਼ ਦਿੱਤੇ ਕਿ ਕੰਮ ਕਰਵਾਉਣ ਵਾਲੇ ਹਰੇਕ ਵਿਅਕਤੀ ਨੂੰ ਟੋਕਣ ਦੇਣਾ ਅਤੇ ਉਸ ਦਾ ਸਮੇਂ-ਸਿਰ ਕੰਮ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਕੋਈ ਵੀ ਪੈਂਡਿੰਗ ਇੰਤਕਾਲ ਨਾ ਰਹਿਣ ਦਿੱਤਾ ਜਾਵੇ।

ਉਨ੍ਹਾਂ ਇਹ ਵੀ ਕਿਹਾ ਕਿ ਦਫ਼ਤਰੀ ਕੰਮਕਾਜ ਆਉਣ ਵਾਲੇ ਲੋਕਾਂ ਨਾਲ ਵਧੀਆ ਵਤੀਰਾ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਬੈਠਣ ਅਤੇ ਪੀਣ ਵਾਲੇ ਪਾਣੀ ਆਦਿ ਦਾ ਵੀ ਢੁਕਵਾਂ ਪ੍ਰਬੰਧ ਯਕੀਨੀ ਬਣਾਇਆ ਜਾਵੇ।