ਨਿਊਜ਼ ਪੰਜਾਬ
8 ਜੂਨ 2025
ਮਣੀਪੁਰ ਦੇ ਪੰਜ ਜ਼ਿਲ੍ਹਿਆਂ – ਇੰਫਾਲ ਪੱਛਮੀ, ਇੰਫਾਲ ਪੂਰਬੀ, ਥੌਬਲ, ਬਿਸ਼ਨੂਪੁਰ ਅਤੇ ਕਾਕਚਿੰਗ ਵਿੱਚ ਸ਼ਨੀਵਾਰ ਰਾਤ 11:45 ਵਜੇ ਤੋਂ 5 ਦਿਨਾਂ ਲਈ ਇੰਟਰਨੈੱਟ ਅਤੇ ਮੋਬਾਈਲ ਡਾਟਾ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਇਹ ਫੈਸਲਾ ਮੇਈਤੇਈ ਭਾਈਚਾਰੇ ਦੇ ਨੇਤਾ ਅਰੰਬਾਈ ਤੇਂਗੋਲ ਦੀ ਗ੍ਰਿਫਤਾਰੀ ਤੋਂ ਬਾਅਦ ਪੈਦਾ ਹੋਈ ਤਣਾਅਪੂਰਨ ਸਥਿਤੀ ਦੇ ਮੱਦੇਨਜ਼ਰ ਲਿਆ ਗਿਆ ਹੈ। ਪ੍ਰਸ਼ਾਸਨ ਨੂੰ ਡਰ ਹੈ ਕਿ ਕੁਝ ਸਮਾਜ ਵਿਰੋਧੀ ਅਨਸਰ ਸੋਸ਼ਲ ਮੀਡੀਆ ਰਾਹੀਂ ਭੜਕਾਊ ਸੰਦੇਸ਼, ਫੋਟੋਆਂ ਅਤੇ ਵੀਡੀਓ ਫੈਲਾ ਸਕਦੇ ਹਨ, ਜਿਸ ਨਾਲ ਸ਼ਾਂਤੀ ਭੰਗ ਹੋ ਸਕਦੀ ਹੈ ਅਤੇ ਕਾਨੂੰਨ ਵਿਵਿਗੜ ਸਕਦੀ ਹੈ।
ਗ੍ਰਹਿ ਵਿਭਾਗ ਦੇ ਸਕੱਤਰ ਐਨ. ਅਸ਼ੋਕ ਕੁਮਾਰ ਵੱਲੋਂ ਜਾਰੀ ਹੁਕਮ ਵਿੱਚ ਕਿਹਾ ਗਿਆ ਹੈ ਕਿ ਇਹ ਫੈਸਲਾ ਬਿਨਾਂ ਕਿਸੇ ਪੂਰਵ ਸੂਚਨਾ ਦੇ ਐਮਰਜੈਂਸੀ ਸਥਿਤੀ ਵਿੱਚ ਲਿਆ ਗਿਆ ਹੈ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਫਵਾਹ ਜਾਂ ਭੜਕਾਹਟ ਨੂੰ ਰੋਕਿਆ ਜਾ ਸਕੇ। ਹੁਕਮ ਵਿੱਚ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਕਿ ਇਸ ਹਦਾਇਤ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਦਰਅਸਲ, ਸ਼ਨੀਵਾਰ ਦੇਰ ਰਾਤ ਇੰਫਾਲ ਪੂਰਬੀ ਅਤੇ ਪੱਛਮੀ ਜ਼ਿਲ੍ਹਿਆਂ ਵਿੱਚ ਵੱਡੇ ਪੱਧਰ ‘ਤੇ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਏ ਜਦੋਂ ਅਰੰਬਾਈ ਤੇਂਗੋਲ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਬਾਅਦ, ਪ੍ਰਸ਼ਾਸਨ ਨੇ ਸਥਿਤੀ ਨੂੰ ਕਾਬੂ ਵਿੱਚ ਲਿਆਉਣ ਅਤੇ ਅਫਵਾਹਾਂ ਨੂੰ ਰੋਕਣ ਲਈ ਇੰਟਰਨੈਟ ਸੇਵਾਵਾਂ ਨੂੰ ਮੁਅੱਤਲ ਕਰਨ ਦਾ ਫੈਸਲਾ ਕੀਤਾ। ਇਸ ਦੇ ਨਾਲ ਹੀ, ਪ੍ਰਸ਼ਾਸਨ ਨੇ ਜਨਤਾ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਕਿਸੇ ਵੀ ਗੁੰਮਰਾਹਕੁੰਨ ਜਾਣਕਾਰੀ ‘ਤੇ ਭਰੋਸਾ ਨਾ ਕਰਨ ਦੀ ਅਪੀਲ ਕੀਤੀ ਹੈ।
