ਨਿਊਜ਼ ਪੰਜਾਬ
ਅੰਮ੍ਰਿਤਸਰ ,21 ਜੂਨ 2025
ਅੰਮ੍ਰਿਤਸਰ ਵਿੱਚ 42 ਕਰੋੜ ਰੁਪਏ ਦੀ ਹੈਰੋਇਨ ਸਮੇਤ ਦੋ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਇਹ ਕਾਰਵਾਈ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਕੀਤੀ ਗਈ। ਪੁਲਿਸ ਨੇ ਸਰਹੱਦ ਪਾਰ ਤੋਂ ਨਸ਼ਿਆਂ ਦੀ ਤਸਕਰੀ ਵਿੱਚ ਸ਼ਾਮਲ ਇੱਕ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅੱਜ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਲਵਪ੍ਰੀਤ ਸਿੰਘ ਉਰਫ਼ ਲਵ ਅਤੇ ਬਲਵਿੰਦਰ ਸਿੰਘ ਉਰਫ਼ ਬੌਬੀ ਵਜੋਂ ਹੋਈ ਹੈ, ਜੋ ਕਿ ਥਾਣਾ ਲੋਪੋਕੇ ਦੇ ਵਸਨੀਕ ਹਨ।
ਜਾਂਚ ਵਿੱਚ ਪਤਾ ਲੱਗਾ ਹੈ ਕਿ ਦੋਵੇਂ ਮੁਲਜ਼ਮ ਵਟਸਐਪ ਰਾਹੀਂ ਪਾਕਿਸਤਾਨੀ ਤਸਕਰਾਂ ਦੇ ਸੰਪਰਕ ਵਿੱਚ ਸਨ। ਪੁਲਿਸ ਨੇ ਮੁਲਜ਼ਮਾਂ ਤੋਂ 6.15 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਇਸਦੀ ਕੀਮਤ ਲਗਭਗ 42 ਕਰੋੜ ਰੁਪਏ ਹੈ। ਇਸ ਤੋਂ ਇਲਾਵਾ ਇੱਕ PX5 ਪਿਸਤੌਲ (.30 ਬੋਰ), 4 ਜ਼ਿੰਦਾ ਕਾਰਤੂਸ ਅਤੇ 10,000 ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਗਈ ਹੈ।
