ਲੁਧਿਆਣਾ ਦੇ ਕਾਰੋਬਾਰੀ ਪਤੀ ਪਤਨੀ ਵੱਲੋਂ ਖੁਦਕੁਸ਼ੀ: ਬੈਂਕ ਤੋਂ ਲਿਆ ਸੀ 2.35 ਕਰੋੜਾਂ ਦਾ ਕਰਜ਼ਾ, ਕਿਸ਼ਤ ਨਾ ਦੇਣ ‘ਤੇ ਪਤੀ-ਪਤਨੀ ਨੇ ਚੁੱਕ ਲਿਆ ਇਹ ਕਦਮ 

ਨਿਊਜ਼ ਪੰਜਾਬ

ਲੁਧਿਆਣਾ-27 ਜੂਨ 2025

ਪੰਜਾਬ ਦੇ ਲੁਧਿਆਣਾ ਵਿੱਚ ਇੱਕ ਬਜ਼ੁਰਗ ਜੋੜੇ ਵਲੋਂ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਲਾਕੇ ਦੇ ਲੋਕਾਂ ਅਨੁਸਾਰ, ਜੋੜੇ ਨੇ ਬੈਂਕ ਤੋਂ ਕਰਜ਼ਾ ਲਿਆ ਸੀ। ਕਰਜ਼ੇ ਦੀ ਰਕਮ ਲਗਭਗ 2 ਕਰੋੜ ਤੋਂ ਵੱਧ ਦੱਸੀ ਜਾ ਰਹੀ ਹੈ। ਬੈਂਕ ਕਰਮਚਾਰੀ ਰਿਕਵਰੀ ਲਈ ਲਗਾਤਾਰ ਘਰ ਆ ਰਹੇ ਸਨ। ਜਦੋਂ ਜੋੜੇ ਨੇ ਜ਼ਹਿਰੀਲੀ ਚੀਜ਼ ਨਿਗਲੀ ਤਾਂ ਮੌਕੇ ‘ਤੇ ਮੌਜੂਦ ਲੋਕਾਂ ਨੇ ਉਨ੍ਹਾਂ ਦੀ ਹਾਲਤ ਵਿਗੜਦੀ ਦੇਖ ਕੇ ਲੁਧਿਆਣਾ ਦੇ ਡੀਐਮਸੀ ਹਸਪਤਾਲ ਪਹੁੰਚਾਇਆ। ਜਿੱਥੇ ਦੋਵਾਂ ਦੀ ਮੌਤ ਹੋ ਗਈ।

ਬੈਂਕ ਅਧਿਕਾਰੀਆਂ ਤੋਂ ਪਰੇਸ਼ਾਨ ਹੋ ਕੇ, ਜੋੜੇ ਨੇ ਅੱਜ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਿਸ ਨੂੰ ਘਰੋਂ ਇੱਕ ਸੁਸਾਈਡ ਨੋਟ ਮਿਲਿਆ ਹੈ। ਫਿਲਹਾਲ ਮਾਮਲਾ ਸ਼ੱਕੀ ਹੈ। ਪੁਲਿਸ ਹਰ ਪਹਿਲੂ ਤੋਂ ਜਾਂਚ ਕਰ ਰਹੀ ਹੈ। ਮ੍ਰਿਤਕਾਂ ਦੀ ਪਛਾਣ ਜਸਬੀਰ ਸਿੰਘ ਅਤੇ ਕੁਲਬੀਰ ਕੌਰ ਵਜੋਂ ਹੋਈ ਹੈ।

ਪੁਲਿਸ ਅਨੁਸਾਰ, ਸੁਸਾਈਡ ਨੋਟ ਵਿੱਚ ਲਿਖਿਆ ਹੈ ਕਿ ਜੋੜੇ ਨੇ 55 ਕਿਸ਼ਤਾਂ ਦਾ ਭੁਗਤਾਨ ਕੀਤਾ ਸੀ। ਕੁਝ ਕਿਸ਼ਤਾਂ ਦਾ ਭੁਗਤਾਨ ਨਹੀਂ ਕੀਤਾ ਗਿਆ ਸੀ, ਜਿਸ ਕਾਰਨ ਬੈਂਕ ਕਰਮਚਾਰੀ ਉਨ੍ਹਾਂ ਦੇ ਘਰ ਆ ਰਹੇ ਸਨ। ਇਸ ਤੋਂ ਪਰੇਸ਼ਾਨ ਹੋ ਕੇ ਉਨ੍ਹਾਂ ਨੇ ਜ਼ਹਿਰੀਲੀ ਚੀਜ਼ ਨਿਗਲ ਲਈ। ਪੁਲਿਸ ਨੇ ਲਾਸ਼ਾਂ ਕਬਜੇ ‘ਚ ਲੈ ਕੇ ਮੁਰਦਾਘਰ ਰੱਖਵਾ ਦਿੱਤੀਆਂ ਹਨ, ਜਿਨ੍ਹਾਂ ਦਾ ਪੋਸਟਮਾਰਟਮ ਕੱਲ੍ਹ ਕੀਤਾ ਜਾਵੇਗਾ।ਥਾਣਾ ਡਿਵੀਜ਼ਨ ਨੰਬਰ 4 ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।