8,000 ਰੁਪਏ ਰਿਸ਼ਵਤ ਲੈਂਦਾ ਪੁਲਿਸ ਸਬ ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਨਿਊਜ਼ ਪੰਜਾਬ

27 ਜੂਨ, 2025

ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਫਾਜ਼ਿਲਕਾ ਦੇ ਥਾਣਾ ਅਮੀਰ ਖਾਸ ਵਿਖੇ ਤਾਇਨਾਤ ਸਬ ਇੰਸਪੈਕਟਰ ਰਵੀਪਾਲ ਨੂੰ 8,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਸੂਬੇ ਦੇ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਫਿਰੋਜ਼ਪੁਰ ਜ਼ਿਲ੍ਹੇ ਦੇ ਗੁਰੂਹਰ ਸਹਾਏ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਗਈ ਹੈ ਜਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਦੋਸ਼ੀ ਐਸਆਈ ਨੇ ਹਾਈ ਕੋਰਟ ਵਿੱਚ ਇੱਕ ਰਿੱਟ ਪਟੀਸ਼ਨ ਦਾ ਜਵਾਬ ਤਿਆਰ ਕਰਨ ਅਤੇ ਜਮ੍ਹਾਂ ਕਰਾਉਣ ਅਤੇ ਸ਼ਿਕਾਇਤਕਰਤਾ ਵਿਰੁੱਧ ਦਰਜ ਪੁਲਿਸ ਕੇਸ ਨਾਲ ਸਬੰਧਤ ਜ਼ਿਲ੍ਹਾ ਅਦਾਲਤ ਵਿੱਚ ਚਾਰਜਸ਼ੀਟ ਜਮ੍ਹਾਂ ਕਰਾਉਣ ਲਈ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

 

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਪੁਲਿਸ ਅਧਿਕਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 8000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਕਾਬੂ ਕਰ ਲਿਆ ਗਿਆ।

 

ਇਸ ਸਬੰਧ ਵਿੱਚ ਉਪਰੋਕਤ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ, ਫਿਰੋਜ਼ਪੁਰ ਰੇਂਜ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।