ਚੰਡੀਗੜ੍ਹ-
ਸਤਲੁਜ ਯਮੁਨਾ ਲਿੰਕ (SYL) ਨਹਿਰ ਦੇ ਨਿਰਮਾਣ ਦੇ ਮੁੱਦੇ ‘ਤੇ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਕਾਰ 9 ਜੁਲਾਈ ਨੂੰ ਦਿੱਲੀ ਵਿੱਚ ਅਹਿਮ ਮੀਟਿੰਗ ਹੋਵੇਗੀI ਕੇਂਦਰੀ ਜਲ ਸਰੋਤ ਮੰਤਰਾਲੇ ਦੀ ਸਕੱਤਰ ਨੇ ਸੂਬਾ ਸਰਕਾਰ ਨੂੰ ਮੀਟਿੰਗ ਬਾਰੇ ਸੂਚਿਤ ਕੀਤਾ ਸੀ। ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਨੂੰ ਇੱਕ ਪੱਤਰ ਭੇਜਿਆ ਗਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੇ ਨਾਲ ਹਰਿਆਣਾ ਦੇ ਨਾਇਬ ਸਿੰਘ ਸੈਣੀ 9 ਜੁਲਾਈ ਨੂੰ ਦਿੱਲੀ ਵਿੱਚ ਹੋਣ ਵਾਲੀ ਮੀਟਿੰਗ ਵਿੱਚ ਮੌਜੂਦ ਰਹਿਣਗੇ। ਇਸ ਮੀਟਿੰਗ ਦੀ ਪ੍ਰਧਾਨਗੀ ਕੇਂਦਰੀ ਮੰਤਰੀ ਸੀ.ਆਰ. ਪਾਟਿਲ ਕਰਨਗੇ।
ਇਹ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਵਿਚਕਾਰ ਇਸ ਮੁੱਦੇ ‘ਤੇ ਚੌਥੇ ਦੌਰ ਦੀ ਗੱਲਬਾਤ ਹੋਵੇਗੀ ਜਿਸ ਵਿੱਚ ਕੇਂਦਰ ਵਿਚੋਲੇ ਦੀ ਭੂਮਿਕਾ ਨਿਭਾ ਰਿਹਾ ਹੈ। ਇਸ ਮਾਮਲੇ ਦੀ ਸੁਣਵਾਈ ਸੁਪਰੀਮ ਕੋਰਟ 13 ਅਗਸਤ ਨੂੰ ਕਰੇਗੀ। ਕੇਂਦਰੀ ਜਲ ਸਰੋਤ ਮੰਤਰਾਲਾ ਇਸ ਮੁੱਦੇ ‘ਤੇ ਦੋਵਾਂ ਰਾਜਾਂ ਵਿਚਕਾਰ ਸਹਿਮਤੀ ਬਣਾਉਣ ਲਈ ਯਤਨਸ਼ੀਲ ਹੈ ਅਤੇ ਇਨ੍ਹਾਂ ਮੀਟਿੰਗਾਂ ਦੀ ਪ੍ਰਗਤੀ ਰਿਪੋਰਟ ਕੇਂਦਰ ਵੱਲੋਂ ਅਗਲੀ ਸੁਣਵਾਈ ‘ਤੇ ਸੁਪਰੀਮ ਕੋਰਟ ਵਿੱਚ ਪੇਸ਼ ਕੀਤੀ ਜਾਵੇਗੀ।
