ਨਿਊਜ਼ ਪੰਜਾਬ
ਚੰਡੀਗੜ੍ਹ, 24 ਜੁਲਾਈ, 2025
ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਸੰਗਰੂਰ ਦੇ ਥਾਣਾ ਸਦਰ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏਐਸਆਈ) ਜਗਤਾਰ ਸਿੰਘ ਨੂੰ 12,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਅੱਜ ਇੱਥੇ ਇਹ ਖੁਲਾਸਾ ਕਰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਦੋਸ਼ੀ ਪੁਲਿਸ ਅਧਿਕਾਰੀ ਨੂੰ ਸੰਗਰੂਰ ਜ਼ਿਲ੍ਹੇ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ ਹੈ।ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਸਨੂੰ ਹਾਈ ਕੋਰਟ ਵੱਲੋਂ ਜ਼ਮਾਨਤ ਮਿਲ ਗਈ ਹੈ ਪਰ ਉਕਤ ਏਐਸਆਈ ਨੇ ਇਸ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਹੋਣ ਲਈ 15,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।ਇਸ ਤੋਂ ਇਲਾਵਾ, ਉਸਨੇ ਤਲਾਸ਼ੀ ਦੌਰਾਨ ਉਸਦੇ ਘਰ ਤੋਂ ਜ਼ਬਤ ਕੀਤੇ ਗਏ ਸਾਮਾਨ ਨੂੰ ਵਾਪਸ ਕਰਨ ਲਈ 20000 ਰੁਪਏ ਹੋਰ ਮੰਗੇ ਹਨ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਤੋਂ ਬਾਅਦ, ਪਟਿਆਲਾ ਰੇਂਜ ਦੀ ਇੱਕ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਅਤੇ ਏਐਸਆਈ ਜਗਤਾਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 12000 ਰੁਪਏ ਰਿਸ਼ਵਤ ਲੈਂਦੇ ਹੋਏ ਕਾਬੂ ਕਰ ਲਿਆ।ਇਸ ਸਬੰਧ ਵਿੱਚ, ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
