ਨਿਊਜ਼ ਪੰਜਾਬ
29 ਜੁਲਾਈ 2025
ਪੰਜਾਬ ਪੁਲਿਸ ਨੇ ਪਾਕਿਸਤਾਨ ਨਾਲ ਜੁੜੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦੇ ਇੱਕ ਮੈਂਬਰ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਮੰਗਲਵਾਰ ਨੂੰ ਜਾਣਕਾਰੀ ਦਿੱਤੀ ਕਿ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਟੀਮ ਨੇ ਖੁਫੀਆ ਜਾਣਕਾਰੀ ਅਧਾਰਤ ਕਾਰਵਾਈ ਤਹਿਤ ਸਰਹੱਦ ਪਾਰ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇਸ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ।
ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੇ ਪਾਕਿਸਤਾਨ ਤੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਨਾਲ ਜੁੜੇ ਇੱਕ ਅਪਰਾਧੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਹਥਿਆਰਾਂ ਦੇ ਤਸਕਰ ਤੋਂ ਪੰਜ ਪਿਸਤੌਲ ਬਰਾਮਦ ਕੀਤੇ ਗਏ ਹਨ। ਮੁਲਜ਼ਮ ਨੇ ਭਾਰਤ-ਪਾਕਿਸਤਾਨ ਸਰਹੱਦ ਦੇ ਨੇੜਿਓਂ ਹਥਿਆਰਾਂ ਦੀ ਇਹ ਖੇਪ ਚੁੱਕੀ ਸੀ ਅਤੇ ਇਹ ਹਥਿਆਰ ਗੈਂਗਸਟਰਾਂ ਨੂੰ ਪਹੁੰਚਾਉਣ ਜਾ ਰਿਹਾ ਸੀ।
ਜਾਣਕਾਰੀ ਅਨੁਸਾਰ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੂੰ ਸੂਚਨਾ ਮਿਲੀ ਸੀ ਕਿ ਪਾਕਿਸਤਾਨ ਵਿੱਚ ਬੈਠੇ ਤਸਕਰਾਂ ਵੱਲੋਂ ਹਥਿਆਰਾਂ ਦੀ ਇੱਕ ਖੇਪ ਸਰਹੱਦੀ ਖੇਤਰ ਵਿੱਚ ਭੇਜੀ ਗਈ ਹੈ। ਇਸ ਤਹਿਤ ਟੀਮ ਵੱਲੋਂ ਇੱਕ ਜਾਲ ਵਿਛਾਇਆ ਗਿਆ ਅਤੇ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਮੌਕੇ ‘ਤੇ ਉਸ ਕੋਲੋਂ ਹਥਿਆਰਾਂ ਦੀ ਖੇਪ ਬਰਾਮਦ ਕੀਤੀ ਗਈ। ਫਿਲਹਾਲ ਜਾਂਚ ਦਾ ਹਵਾਲਾ ਦਿੰਦੇ ਹੋਏ ਪੁਲਿਸ ਨੇ ਦੋਸ਼ੀ ਦੀ ਪਛਾਣ ਨਹੀਂ ਦੱਸੀ ਹੈ। ਦੋਸ਼ੀ ਤੋਂ ਪੁੱਛਗਿੱਛ ਜਾਰੀ ਹੈ ਤਾਂ ਜੋ ਉਸਦੇ ਹੋਰ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ।
