ਨਿਊਜ਼ ਪੰਜਾਬ
4 ਅਗਸਤ 2025
ਤਰਨਤਾਰਨ ਵਿੱਚ ਸਾਲ 1993 ਵਿੱਚ ਹੋਏ ਫਰਜ਼ੀ ਐਨਕਾਊਂਟਰ ਕੇਸ ਵਿੱਚ ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ 32 ਸਾਲਾਂ ਬਾਅਦ ਸਜ਼ਾ ਸੁਣਾਉਂਦੇ ਹੋਏ 5 ਪੁਲਿਸ ਅਫ਼ਸਰਾਂ ਨੂੰ ਉਮਰ ਕੈਦ ਦੀ ਸਜ਼ਾ ਦਿੱਤੀ ਹੈ। ਇਨ੍ਹਾਂ ਵਿੱਚ ਰਿਟਾਇਰਡ ਐਸ.ਐਸ.ਪੀ. ਭੁਪਿੰਦਰਜੀਤ ਸਿੰਘ ਅਤੇ ਰਿਟਾਇਰਡ ਡੀ.ਐਸ.ਪੀ. ਦਵਿੰਦਰ ਸਿੰਘ ਵੀ ਸ਼ਾਮਲ ਹਨ। ਅਦਾਲਤ ਨੇ ਸਾਰਿਆਂ ਨੂੰ ਕਤਲ ਅਤੇ ਅਪਰਾਧਿਕ ਸਾਜ਼ਿਸ਼ (ਆਈ.ਪੀ.ਸੀ. ਦੀ ਧਾਰਾ 302 ਅਤੇ 120-ਬੀ) ਤਹਿਤ ਦੋਸ਼ੀ ਕਰਾਰ ਦਿੱਤਾ ਹੈ।
ਇਹ ਮਾਮਲਾ 1993 ਦਾ ਹੈ, ਜਦੋਂ 7 ਨੌਜਵਾਨਾਂ ਨੂੰ ਦੋ ਵੱਖ-ਵੱਖ ਪੁਲਿਸ ਮੁਕਾਬਲਿਆਂ ਵਿੱਚ ਮਾਰਿਆ ਹੋਇਆ ਦਿਖਾਇਆ ਗਿਆ ਸੀ। ਇਨ੍ਹਾਂ ਵਿੱਚੋਂ 4 ਤਾਂ ਸਪੈਸ਼ਲ ਪੁਲਿਸ ਅਫਸਰ (SPO) ਵਜੋਂ ਤਾਇਨਾਤ ਸਨ। 27 ਜੂਨ 1993 ਨੂੰ ਇਨ੍ਹਾਂ ਨੌਜਵਾਨਾਂ ਨੂੰ ਉਨ੍ਹਾਂ ਦੇ ਘਰਾਂ ਤੋਂ ਚੁੱਕ ਕੇ ਗੈਰ-ਕਾਨੂੰਨੀ ਹਿਰਾਸਤ ਵਿੱਚ ਰੱਖਿਆ ਗਿਆ ਅਤੇ ਅਣਮਨੁੱਖੀ ਤਸ਼ੱਦਦ ਕੀਤਾ ਗਿਆ। 28 ਜੁਲਾਈ 1993 ਨੂੰ ਡੀ.ਐਸ.ਪੀ. ਭੁਪਿੰਦਰਜੀਤ ਸਿੰਘ ਦੀ ਅਗਵਾਈ ਵਿੱਚ ਦੋ ਵੱਖ-ਵੱਖ ਥਾਣਿਆਂ (ਵੈਰੋਵਾਲ ਅਤੇ ਸਹਿਰਾਲੀ) ਵਿੱਚ ਫਰਜ਼ੀ ਮੁਕਾਬਲਿਆਂ ਦੀਆਂ ਐਫ.ਆਈ.ਆਰ. ਦਰਜ ਕੀਤੀਆਂ ਗਈਆਂ, ਜਿਸ ਵਿੱਚ 7 ਲੋਕਾਂ ਨੂੰ ਝੂਠੇ ਐਨਕਾਊਂਟਰ ਵਿੱਚ ਮਾਰਿਆ ਗਿਆ ਦਿਖਾਇਆ ਗਿਆ।
ਮ੍ਰਿਤਕ ਸੁਖਦੇਵ ਸਿੰਘ ਦੀ ਵਿਧਵਾ ਨੇ ਦੱਸਿਆ ਕਿ ਜਦੋਂ ਉਸਦੇ ਪਤੀ ਨੂੰ ਮਾਰਿਆ ਗਿਆ, ਉਹ ਉਸ ਸਮੇਂ ਗਰਭਵਤੀ ਸੀ। ਉਨ੍ਹਾਂ ਨੇ ਦੱਸਿਆ ਕਿ ਪਤੀ ਦੀ ਮੌਤ ਤੋਂ ਬਾਅਦ ਉਨ੍ਹਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਅਤੇ ਮਜ਼ਦੂਰੀ ਕਰਕੇ ਬੱਚਿਆਂ ਦਾ ਪਾਲਣ-ਪੋਸ਼ਣ ਕੀਤਾ। ਮ੍ਰਿਤਕ ਛਿੰਦਾ ਸਿੰਘ ਦੀ ਪਤਨੀ ਨਰਿੰਦਰ ਕੌਰ ਨੇ ਦੱਸਿਆ ਕਿ ਪੁਲਿਸ ਉਸਦੇ ਪਤੀ ਨੂੰ ਘਰ ਦੀ ਛੱਤ ਤੋਂ ਲੈ ਗਈ ਸੀ ਅਤੇ ਫਿਰ ਉਨ੍ਹਾਂ ਦੀ ਲਾਸ਼ ਵੀ ਨਹੀਂ ਦਿੱਤੀ ਗਈ। ਪੀੜਤ ਪਰਿਵਾਰਾਂ ਦਾ ਕਹਿਣਾ ਹੈ ਕਿ 32 ਸਾਲਾਂ ਬਾਅਦ ਉਨ੍ਹਾਂ ਨੂੰ ਇਨਸਾਫ਼ ਦੀ ਉਮੀਦ ਜਾਗੀ ਹੈ। ਉਨ੍ਹਾਂ ਨੂੰ ਖੁਸ਼ੀ ਹੈ ਕਿ ਅਦਾਲਤ ਨੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਸੁਣਾਈ ਹੈ। ਅਦਾਲਤ ਨੇ ਦੋਸ਼ੀ ਪਾਏ ਗਏ 5 ਪੁਲਿਸ ਅਫਸਰਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਭੇਜ ਦਿੱਤਾ ਹੈ।
