ਨਿਊਜ਼ ਪੰਜਾਬ
ਅੰਮ੍ਰਿਤਸਰ :6 ਅਗਸਤ 2025
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਅੱਗੇ ਪੇਸ਼ ਹੋਣ ਲਈ ਪਹੁੰਚੇ।ਪੰਜ ਸਿੰਘ ਸਾਹਿਬਾਨ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ , ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਤੇ ਗਿਆਨੀ ਕੇਵਲ ਸਿੰਘ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਗ੍ਰੰਥੀ ਗਿਆਨੀ ਮੰਗਲ ਸਿੰਘ ਸ਼ਾਮਿਲ ਸਨ | ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਇਹਨਾਂ ਅੱਗੇ ਪੇਸ਼ ਹੋਏ ਤਾਂ ਹੱਥ ਜੋੜ ਕੇ ਬੈਠੇ ।
ਸ਼੍ਰੀਨਗਰ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਤਾਬਦੀ ਨੂੰ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਭਾਸ਼ਾ ਵਿਭਾਗ ਰਾਹੀਂ ਰੱਖੇ ਗਏ ਪ੍ਰੋਗਰਾਮ ਵਿੱਚ ਇਤਰਾਜ਼ਯੋਗ ਗਾਣੇ ਗਾਏ ਕੇ ਨਾਚ ਗਾਣਾ ਹੋਇਆ । ਇਸ ਸਬੰਧ ਵਿੱਚ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ੍ਰੀ ਅਕਾਲ ਤਖਤ ਸਾਹਿਬ ਤੇ ਉਸ ਸਮਾਗਮ ਵਿੱਚ ਆਪਣੀ ਮੌਜੂਦਗੀ ਨੂੰ ਵੀ ਮੰਨਿਆ ਅਤੇ ਇਸ ਗਲਤੀ ਲਈ ਖਿਮਾ ਮੰਗੀ ਹੈ। ਉਨ੍ਹਾਂ ਕਿਹਾ ਕਿ ਮੈਂ ਉਥੇ ਉਸ ਧਾਰਮਿਕ ਸਮਾਗਮ ਵਿਚ ਮੌਜੂਦ ਸੀ ਪਰ ਅਣਜਾਣੇ ਵਿਚ ਹੋਈ ਗਲਤੀ ਦੀ ਮੈਂ ਇਕ ਨਿਮਾਣੇ ਸਿੱਖ ਵਜੋਂ ਪੰਥ ਤੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਮਾਫੀ ਮੰਗਦਾ ਹਾਂ। ਇਸ ਮੌਕੇ ਸਮਾਗਮ ਦੇ ਪ੍ਰਬੰਧਕਾਂ ਵੱਲੋਂ ਵੀ ਮਾਫੀ ਮੰਗੀ ਗਈ। ਇਸ ਮੌਕੇ ਪੰਜਾਬੀ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਵਿਦੇਸ਼ ਹੋਣ ਕਾਰਨ ਪੇਸ਼ ਨਹੀਂ ਹੋ ਸਕੇ।
ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਪੰਜ ਸਿੰਘ ਸਾਹਿਬਾਨ ਦੀ ਸਹਿਮਤੀ ਨਾਲ ਧਾਰਮਕ ਸਜ਼ਾ ਐਲਾਨੀ। ਉਨ੍ਹਾਂ ਹਰਜੋਤ ਸਿੰਘ ਬੈਂਸ ਨੂੰ ਤਨਖਾਹ ਲਗਾਉਂਦਿਆਂ ਐਲਾਨ ਕੀਤਾ ਕਿ ਗੁਰਦੁਆਰਾ ਗੁਰੂ ਕੇ ਮਹਿਲ ਜਨਮ ਅਸਥਾਨ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵਿਖੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਪੈਦਲ ਤੁਰ ਕੇ ਜਾਣਗੇ ਅਤੇ ਉੱਥੇ ਨਤਮਸਤਕ ਹੋਣਗੇ ਅਤੇ ਆਉਣ ਵਾਲੇ ਸਮੇਂ ਵਿੱਚ ਇੱਥੋਂ ਦੇ ਰਸਤੇ ਨੂੰ ਸਾਫ ਸੁਥਰਾ ਬਣਾਉਣ ਅਤੇ ਸਾਫ ਸਫਾਈ ਨੂੰ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਆਪਣੀ ਜ਼ਿੰਮੇਵਾਰੀ ਨਿਭਾਉਣਗੇ ।
ਗੁਰਦੁਆਰਾ ਕੋਠਾ ਸਾਹਿਬ ਵੱਲਾ ਤੇ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਜੀ ਵਿਖੇ ਵੀ 100 ਮੀਟਰ ਤੱਕ ਪੈਦਲ ਤੁਰ ਕੇ ਜਾਣਗੇ ਅਤੇ ਇੱਥੋਂ ਦੇ ਸਾਫ ਸਫਾਈ ਅਤੇ ਰਸਤਿਆਂ ਨੂੰ ਦਰੁਸਤ ਕਰਨ ਲਈ ਵੀ ਸਰਕਾਰ ਵੱਲੋਂ ਆਪਣੀ ਜਿੰਮੇਵਾਰੀ ਨਿਭਾਉਣਗੇ |
ਇਸ ਤੋਂ ਉਪਰੰਤ ਗੁਰਦੁਆਰਾ ਸੀਸਗੰਜ ਸਾਹਿਬ ਦਿੱਲੀ ਵਿਖੇ ਜਾ ਕੇ ਨਤਮਸਤਕ ਹੋਣਗੇ ਅਤੇ ਉੱਥੇ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਭਾਈ ਦਿਆਲਾ ਜੀ ਭਾਈ ਸਤੀ ਦਾਸ ਜੀ ਤੇ ਭਾਈ ਮਤੀਦਾਸ ਜੀ ਦੀ ਸ਼ਹੀਦ ਦੀ ਨੂੰ ਨਤਮਸਤਕ ਹੁੰਦੇ ਉਹਨਾਂ ਦੇ ਸ਼ਹੀਦੀ ਦੇ ਇਤਿਹਾਸ ਤੋਂ ਜਾਣੂ ਹੋਣ ਦੀ ਧਾਰਮਿਕ ਸਜ਼ਾ ਲਗਾਈ ਗਈ ਹੈ। ਇਸ ਉਪਰੰਤ ਗੁਰਦੁਆਰਾ ਸੀਸਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਜਾ ਕੇ ਨਤਮਸਤਕ ਹੋਣਗੇ ਅਤੇ ਦੋ ਦਿਨ ਜੋੜੇ ਝਾੜਨ ਦੀ ਸੇਵਾ ਨਿਭਾਉਣ ਦੀ ਧਾਰਮਿਕ ਸੇਵਾ ਲਗਾਈ ਗਈ ਹੈ। ਜਿਸ ਨੂੰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਪ੍ਰਵਾਨ ਕੀਤਾ ਹੈ।
