GNDU ਦੇ ਪ੍ਰੋਫੈਸਰ ਕਰਮਜੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤਾ ਤਲਬ,15 ਦਿਨਾਂ ਵਿੱਚ ਮੰਗਿਆ ਜਵਾਬ

ਨਿਊਜ਼ ਪੰਜਾਬ

14 ਅਗਸਤ 2025

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਨੂੰ 15 ਦਿਨਾਂ ਦੇ ਅੰਦਰ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਦਾ ਹੁਕਮ ਦਿੱਤਾ ਹੈ। ਵੀਸੀ ਡਾ. ਕਰਮਜੀਤ ਸਿੰਘ ਦਾ ਇੱਕ ਵੀਡੀਓ ਵਾਇਰਲ ਹੋਇਆ ਸੀ, ਜਿਸ ਵਿੱਚ ਉਹ ਆਰਐਸਐਸ ਮੁਖੀ ਮੋਹਨ ਭਾਗਵਤ ਦੇ ਸਾਹਮਣੇ ਖੜ੍ਹੇ ਹੋ ਕੇ ਸਵਾਲਾਂ ਦੇ ਜਵਾਬ ਦੇ ਰਹੇ ਸਨ।

ਹਾਲਾਂਕਿ, ਵੀਸੀ ਵੱਲੋਂ ਜਾਰੀ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ‘ਤੇ ਗੁੰਮਰਾਹਕੁੰਨ ਪ੍ਰਚਾਰ ਕੀਤਾ ਜਾ ਰਿਹਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਪਣੇ ਹੁਕਮਾਂ ਵਿੱਚ ਕਿਹਾ ਕਿ ਤੁਹਾਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਤੁਹਾਡੇ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਵਿੱਚ ਲਿਖਤੀ ਸ਼ਿਕਾਇਤਾਂ ਮਿਲ ਰਹੀਆਂ ਹਨ ਕਿ ਤੁਸੀਂ ਦੱਖਣੀ ਭਾਰਤ ਵਿੱਚ ਹੋਏ ਇੱਕ ਸਮਾਗਮ ਦੌਰਾਨ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।ਪ੍ਰਪਤ ਸ਼ਿਕਾਇਤਾਂ ਅਤੇ ਮੀਡੀਆ ਵਿੱਚ ਵਾਇਰਲ ਹੋਈ ਤੁਹਾਡੀ ਵੀਡੀਓ ਦੇ ਅਨੁਸਾਰ, ਤੁਸੀਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਚੇਅਰ ਦੀ ਸੋਧ ਰਾਹੀਂ ਸਿੱਖਾਂ ਦੀ ਵਿਲੱਖਣ ਹੋਂਦ ਵਿਰੁੱਧ ਆਵਾਜ਼ ਉਠਾਈ ਹੈ, ਜੋ ਕਿ ਗੁਰਮਤਿ ਅਨੁਸਾਰ ਨਹੀਂ ਹੈ। ਇਸ ਸਬੰਧ ਵਿੱਚ, ਸਤਿਕਾਰਯੋਗ ਸਿੰਘ ਸਾਹਿਬ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਹੁਕਮਾਂ ਅਨੁਸਾਰ, ਤੁਹਾਨੂੰ ਪੰਦਰਾਂ ਦਿਨਾਂ ਦੇ ਅੰਦਰ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਤੌਰ ‘ਤੇ ਪੇਸ਼ ਹੋਣਾ ਪਵੇਗਾ ਅਤੇ ਇਸ ਸਬੰਧ ਵਿੱਚ ਆਪਣਾ ਲਿਖਤੀ ਸਪੱਸ਼ਟੀਕਰਨ ਦੇਣਾ ਪਵੇਗਾ।

ਇਸ ਤੋਂ ਪਹਿਲਾਂ, ਸ਼੍ਰੋਮਣੀ ਕਮੇਟੀ ਨੇ ਵੀ.ਸੀ. ਡਾ. ਕਰਮਜੀਤ ਨੂੰ ਜਥੇਦਾਰਾਂ ਦੇ ਸੇਵਾ ਨਿਯਮਾਂ ਲਈ ਬਣਾਈ ਗਈ ਕਮੇਟੀ ਤੋਂ ਹਟਾ ਦਿੱਤਾ ਸੀ । ਇਹ ਮਾਮਲਾ ਜਲੰਧਰ ਦੇ ਵਿਧਾਇਕ ਪ੍ਰਗਟ ਸਿੰਘ ਨੇ ਉਠਾਇਆ ਸੀ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ‘ਤੇ ਇੱਕ ਵੀਡੀਓ ਸਾਂਝਾ ਕੀਤਾ ਸੀ, ਜਿਸ ਵਿੱਚ ਵੀ.ਸੀ. ਡਾ. ਕਰਮਜੀਤ ਸਿੰਘ ਆਰਐਸਐਸ ਮੁਖੀ ਮੋਹਨ ਭਾਗਵਤ ਦੇ ਸਾਹਮਣੇ ਸਟੇਜ ਤੋਂ ਹੇਠਾਂ ਖੜ੍ਹੇ ਹਨ ਅਤੇ ਯੂਨੀਵਰਸਿਟੀ ਨਾਲ ਸਬੰਧਤ ਜਾਣਕਾਰੀ ਅਤੇ ਕੋਰਸ ਸਾਂਝੇ ਕਰ ਰਹੇ ਹਨ।ਇਸ ਮਾਮਲੇ ਦਾ ਨੋਟਿਸ ਲੈਂਦਿਆਂ, ਸ਼੍ਰੋਮਣੀ ਕਮੇਟੀ ਨੇ ਜੀਐਨਡੀਯੂ ਦੇ ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਸੇਵਾ ਨਿਯਮਾਂ ਦੇ ਸੰਬੰਧ ਵਿੱਚ ਬਣਾਈ ਗਈ ਕਮੇਟੀ ਤੋਂ ਹਟਾ ਦਿੱਤਾ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਸੀ ਕਿ ਡਾ. ਕਰਮਜੀਤ ਸਿੰਘ ਵੱਲੋਂ ਆਰਐਸਐਸ ਮੁਖੀ ਨਾਲ ਕੀਤੀ ਗਈ ਗੱਲਬਾਤ ਦੌਰਾਨ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਨਤੀਜੇ ਵਜੋਂ ਅਜਿਹਾ ਕੀਤਾ ਗਿਆ ਹੈ।