ਨਿਊਜ਼ ਪੰਜਾਬ
29 ਅਗਸਤ 2025
ਪੰਜਾਬ ਦੇ ਕਈ ਇਲਾਕੇ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਮੀਂਹ ਕਾਰਨ ਹੜ੍ਹ ਦੀ ਗੰਭੀਰ ਸਥਿਤੀ ਨਾਲ ਜੂਝ ਰਹੇ ਹਨ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਾਜ਼ਿਲਕਾ, ਕਪੂਰਥਲਾ ਦੇ ਸੁਲਤਾਨਪੁਰ ਲੋਧੀ ਅਤੇ ਹੁਸ਼ਿਆਰਪੁਰ ਸਮੇਤ 7 ਜ਼ਿਲ੍ਹੇ ਹੜ੍ਹ ਦੀ ਚਪੇਟ ਵਿੱਚ ਹਨ। ਕਈ ਪਿੰਡ ਪੂਰੀ ਤਰ੍ਹਾਂ ਪਾਣੀ ਹੇਠ ਹਨ, ਲੋਕ ਘਰਾਂ ਦੀਆਂ ਛੱਤਾਂ ‘ਤੇ ਸਾਮਾਨ ਰੱਖ ਕੇ ਸੁਰੱਖਿਆ ਲਈ ਮਜ਼ਬੂਰ ਹਨ। ਸਰਕਾਰ ਵੱਲੋਂ ਡਰੋਨ ਰਾਹੀਂ ਰਾਸ਼ਨ ਪਹੁੰਚਾਇਆ ਜਾ ਰਿਹਾ ਹੈ, ਪਰ ਖਤਰਾ ਹਾਲੇ ਵੀ ਕਾਇਮ ਹੈ।
ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕਰਦਿਆਂ ਕਿਹਾ ਹੈ ਕਿ 30 ਅਗਸਤ ਨੂੰ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ, ਜਿਸ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ 31 ਅਗਸਤ ਅਤੇ 1 ਸਤੰਬਰ ਨੂੰ ਯੈਲੋ ਅਲਰਟ ਰਹੇਗਾ।
ਚੰਡੀਗੜ੍ਹ ਦੀ ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹਣ ਨਾਲ ਘੱਗਰ ਦਰਿਆ ਦਾ ਪਾਣੀ ਵਧ ਗਿਆ ਹੈ, ਜਿਸ ਨਾਲ ਮੋਹਾਲੀ, ਡੇਰਾਬੱਸੀ, ਪਟਿਆਲਾ ਅਤੇ ਸੰਗਰੂਰ ਵਿੱਚ ਹੜ੍ਹ ਦਾ ਖ਼ਤਰਾ ਉੱਭਰਿਆ ਹੈ। ਇਸੇ ਤਰ੍ਹਾਂ ਭਾਖੜਾ ਡੈਮ ਦੇ ਚਾਰ ਗੇਟਾਂ ਰਾਹੀਂ ਸਤਲੁਜ ਵਿੱਚ ਪਾਣੀ ਛੱਡਿਆ ਜਾ ਰਿਹਾ ਹੈ, ਜੋ ਰੋਪੜ, ਨਵਾਂਸ਼ਹਿਰ, ਜਲੰਧਰ, ਲੁਧਿਆਣਾ, ਫਿਰੋਜ਼ਪੁਰ, ਤਰਨਤਾਰਨ ਅਤੇ ਫਾਜ਼ਿਲਕਾ ਦੇ ਖੇਤਰਾਂ ਲਈ ਵੱਡਾ ਖ਼ਤਰਾ ਬਣ ਸਕਦਾ ਹੈ।
ਭਾਖੜਾ ਡੈਮ ਦਾ ਪਾਣੀ ਪੱਧਰ 1671.80 ਫੁੱਟ ਦਰਜ ਕੀਤਾ ਗਿਆ ਹੈ, ਜਦਕਿ ਪੌਂਗ ਡੈਮ ਖਤਰੇ ਦੇ ਨਿਸ਼ਾਨ ਤੋਂ ਉੱਪਰ ਚਲਾ ਗਿਆ ਹੈ। ਸੁਰੱਖਿਆ ਦੇ ਮੱਦੇਨਜ਼ਰ ਪ੍ਰਬੰਧਕਾਂ ਨੇ ਪੌਂਗ ਡੈਮ ਤੋਂ 1,04,989 ਕਿਊਸਿਕ ਪਾਣੀ ਬਿਆਸ ਦਰਿਆ ਵਿੱਚ ਛੱਡਿਆ ਹੈ। ਇਸ ਨਾਲ ਫਿਰੋਜ਼ਪੁਰ, ਫਾਜ਼ਿਲਕਾ, ਕਪੂਰਥਲਾ, ਸੁਲਤਾਨਪੁਰ ਲੋਧੀ, ਤਰਨਤਾਰਨ, ਗੁਰਦਾਸਪੁਰ ਅਤੇ ਡੇਰਾ ਬਾਬਾ ਨਾਨਕ ਦੇ ਸੈਂਕੜੇ ਪਿੰਡਾਂ ਵਿੱਚ 7 ਫੁੱਟ ਤੱਕ ਪਾਣੀ ਭਰ ਗਿਆ ਹੈ।ਹਾਲਾਤ ਇੰਨੇ ਵਿਗੜ ਗਏ ਹਨ ਕਿ ਅੰਮ੍ਰਿਤਸਰ ਦੇ ਅਜਨਾਲਾ ‘ਚ ਸੈਨਾ ਆਪਣੇ ਵਿਸ਼ੇਸ਼ ਉਪਕਰਣਾਂ ਨਾਲ ਉੱਤਰੀ ਹੈ। ਸੈਨਾ ATOR N1200 ਮਲਟੀ ਟੇਰੇਨ ਵਹੀਕਲ ਤੇ ਹੈਲੀਕਾਪਟਰ ਨਾਲ ਲੋਕਾਂ ਨੂੰ ਰੈਸਕਿਊ ਕਰ ਰਹੀ ਹੈ।
ਇਸ ਤੋਂ ਇਲਾਵਾ ਐਨਡੀਆਰਐਫ, ਐਸਡੀਆਰਐਪ, ਪੰਜਾਬ ਪੁਲਿਸ ਤੇ ਹੋਰ ਸਮਾਜ ਸੇਵੀ ਸੰਸਥਾਵਾਂ ਲੋਕਾਂ ਨੂੰ ਰੈਸਕਿਊ ਕਰ ਰਹੀਆਂ ਹਨ। ਹੈਲੀਕਾਪਟਰਾਂ ਰਾਹੀ ਹੜ੍ਹ ‘ਚ ਫਸੇ ਲੋਕਾਂ ਨੂੰ ਰਾਹਤ ਸਮੱਗਰੀ ਪਹੁੰਚਾਈ ਜਾ ਰਹੀ ਹੈ।
