ਨਿਊਜ਼ ਪੰਜਾਬ
2 ਸਤੰਬਰ 2025
ਪੰਜਾਬ ਦੇ ਬਹੁਤ ਸਾਰੇ ਇਲਾਕਿਆਂ ਅੰਦਰ ਹੜ੍ਹਾਂ ਕਾਰਨ ਹੋਈ ਤਬਾਹੀ ਨਾਲ ਲੋਕਾਂ ਦੇ ਹੋਏ ਵੱਡੇ ਨੁਕਸਾਨ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਮੁਲਾਜ਼ਮ ਵੀ ਮੱਦਦ ਲਈ ਅੱਗੇ ਆਏ ਹਨ। ਇਸੇ ਤਹਿਤ ਹੀ ਮੁਲਾਜ਼ਮਾਂ ਵੱਲੋਂ ਇਕ ਦਿਨ ਦੀ ਤਨਖ਼ਾਹ ਸ਼੍ਰੋਮਣੀ ਕਮੇਟੀ ਵੱਲੋਂ ਕੀਤੀਆਂ ਜਾ ਰਹੀਆਂ ਰਾਹਤ ਸੇਵਾਵਾਂ ਵਿਚ ਦੇਣ ਦਾ ਫੈਸਲਾ ਕੀਤਾ ਹੈ।
ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਇਸ ਦੁੱਖ ਦੀ ਘੜੀ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੜ੍ਹ ਆਉਣ ਦੇ ਪਹਿਲੇ ਦਿਨ ਤੋਂ ਨਿਰੰਤਰ ਸੇਵਾ ਨਿਭਾ ਰਹੀ ਹੈ। ਸੰਸਥਾ ਦੇ ਮੁਲਾਜ਼ਮ ਖ਼ੁਦ ਪੀੜਤਾਂ ਤੱਕ ਪਹੁੰਚ ਕੇ ਸੇਵਾਵਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਕੁਦਰਤੀ ਆਫ਼ਤ ਸਮੇਂ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਨੇ ਵੱਡੀਆਂ ਸੇਵਾਵਾਂ ਨਿਭਾਈਆਂ ਹਨ। ਵੱਖ-ਵੱਖ ਸਮੇਂ ਆਈਆਂ ਕੁਦਰਤੀ ਆਫ਼ਤਾਂ ਮੌਕੇ ਸ਼੍ਰੋਮਣੀ ਕਮੇਟੀ ਮੁਲਾਜ਼ਮ ਜਿੱਥੇ ਪੀੜਤ ਇਲਾਕਿਆਂ ਵਿੱਚ ਖ਼ੁਦ ਪਹੁੰਚ ਕੇ ਸੇਵਾ ਕਰਦੇ ਹਨ, ਉਥੇ ਹੀ ਹਰ ਵਾਰ ਆਪਣੀ ਤਨਖਾਹ ਵਿੱਚੋਂ ਵੀ ਲੋੜਵੰਦਾਂ ਲਈ ਸਹਾਇਤਾ ਕਰਦੇ ਆ ਰਹੇ ਹਨ।
