ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਰੈਕੇਟ ਦਾ ਪਰਦਾਫਾਸ਼; 2.02 kg ਹੈਰੋਇਨ,3.5 ਲੱਖ ਰੁਪਏ ਦੀ ਡਰੱਗ ਮਨੀ,4 ਪਿਸਤੌਲਾਂ ਸਮੇਤ 3 ਮੁਲਜਿਮ ਗ੍ਰਿਫ਼ਤਾਰ

ਨਿਊਜ਼ ਪੰਜਾਬ

4 ਸਤੰਬਰ 2025

ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਚੱਲ ਰਹੀ ਮੁਹਿੰਮ ਦੌਰਾਨ ਮਿਲੀ ਖੁਫੀਆ ਇਤਲਾਹ ‘ਤੇ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਤੋੰ ਚੱਲ ਰਹੇ ਸੰਗਠਿਤ ਹਥਿਆਰ ਅਤੇ ਹਵਾਲਾ ਨੈੱਟਵਰਕ ਵਿੱਚ ਸ਼ਾਮਲ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ I ਇਹ ਜਾਣਕਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਕੋਟ ਮਹਿਤਾਬ ਦੇ ਵਸਨੀਕ ਹਰਪ੍ਰੀਤ ਸਿੰਘ (23), ਤਰਨਤਾਰਨ ਦੇ ਪਿੰਡ ਸੁਰਸਿੰਘ ਦੇ ਵਸਨੀਕ ਗੁਰਪਾਲ ਸਿੰਘ (21) ਅਤੇ ਤਰਨਤਾਰਨ ਦੇ ਪਿੰਡ ਵਾਇਰਿੰਗ ਦੇ ਵਸਨੀਕ ਰਣਜੋਧ ਸਿੰਘ (33) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ 2.02 ਕਿਲੋ ਹੈਰੋਇਨ, ਚਾਰ ਪਿਸਤੌਲ – ਇੱਕ ਗਲੌਕ ਅਤੇ ਤਿੰਨ .30 ਬੋਰ ਪਿਸਤੌਲ ਅਤੇ 3.5 ਲੱਖ ਰੁਪਏ ਹਵਾਲਾ ਮਨੀ ਵੀ ਬਰਾਮਦ ਕੀਤੀ ਹੈI ਇਸ ਤੋਂ ਇਲਾਵਾ ਉਕਤ ਮੁਲਜ਼ਮਾਂ ਦਾ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਹ ਗਿਰੋਹ ਪਾਕਿਸਤਾਨ ਤੋਂ ਹੈਰੋਇਨ ਅਤੇ ਹਥਿਆਰਾਂ ਦੀ ਤਸਕਰੀ ਕਰਨ ਲਈ ਡਰੋਨ ਦੀ ਵਰਤੋਂ ਕਰਦਾ ਸੀ ਅਤੇ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਸਰਗਰਮ ਸੀ। ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ, ਹਰਪ੍ਰੀਤ ਸਿੰਘ ਅਤੇ ਗੁਰਪਾਲ ਸਿੰਘ, ਜੋ ਪਹਿਲਾਂ ਮਲੇਸ਼ੀਆ ਗਏ ਸਨ, ਸਰਹੱਦ ਪਾਰ ਦੇ ਤਸਕਰਾਂ ਦੇ ਸੰਪਰਕ ਵਿਚ ਸਨ।

ਡੀਜੀਪੀ ਨੇ ਕਿਹਾ ਕਿ ਥਾਣਾ ਗੇਟ ਹਕੀਮਾਂ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਵਿੱਚ ਅਗਲੇ -ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਗਠਜੋੜ ਦਾ ਪੂਰੀ ਤਰਾਂ ਪਰਦਾਫਾਸ਼ ਕੀਤਾ ਜਾ ਸਕੇ।