ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ;ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੇ ਨੈਟਵਰਕ ਦਾ ਪਰਦਾਫਾਸ਼, ਪੁਲਿਸ ਨੇ 6 ਤਸਕਰਾਂ ਨੂੰ ਕੀਤਾ ਗ੍ਰਿਫਤਾਰ

ਨਿਊਜ਼ ਪੰਜਾਬ

25 ਸਤੰਬਰ 2025

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ,ਇੰਟੈਲੀਜੈਂਸ-ਅਗਵਾਈ ਵਾਲੀ ਕਾਰਵਾਈ ਦੌਰਾਨ ਨਸ਼ੇ ਅਤੇ ਹਥਿਆਰਾਂ ਦੀ ਸਰਹੱਦ ਪਾਰੋਂ ਸਪਲਾਈ ਕਰਨ ਵਾਲੇ ਇੱਕ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਇਸ ਨੈੱਟਵਰਕ ਨਾਲ ਜੁੜੇ ਛੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ।ਇਸ ਕਾਰਵਾਈ ਵਿੱਚ ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 4.03 ਕਿਲੋ ਹੈਰੋਇਨ ਅਤੇ ਦੋ ਪਿਸਤੌਲ ਬਰਾਮਦ ਕੀਤੇ ਹਨ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਇੱਕ 9mm ਗਲੌਕ ਪਿਸਤੌਲ ਅਤੇ ਇੱਕ .30 ਬੋਰ ਦਾ ਪਿਸਤੌਲ ਸ਼ਾਮਲ ਹੈ।

ਮੁਢਲੀ ਜਾਂਚ ਦੌਰਾਨ ਇਹ ਖੁਲਾਸਾ ਹੋਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਇਹ ਸਾਰੇ ਦੋਸ਼ੀ ਪਾਕਿਸਤਾਨ ਸਥਿਤ ਹੈਂਡਲਰ ‘ਸ਼ਾਹ’ ਨਾਲ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਲਗਾਤਾਰ ਸੰਪਰਕ ਵਿੱਚ ਸਨ। ਇਹ ਗਿਰੋਹ ਖੇਮਕਰਨ ਅਤੇ ਫ਼ਿਰੋਜ਼ਪੁਰ ਸੈਕਟਰਾਂ ਰਾਹੀਂ ਪਾਕਿਸਤਾਨੀ ਤਸਕਰਾਂ ਵੱਲੋਂ ਡਰੋਨਾਂ ਦੀ ਮਦਦ ਨਾਲ ਭੇਜੀਆਂ ਗਈਆਂ ਹੈਰੋਇਨ ਅਤੇ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰਦਾ ਸੀ। ਇਸ ਤੋਂ ਬਾਅਦ ਇਹ ਖੇਪਾਂ ਅੱਗੇ ਅੰਮ੍ਰਿਤਸਰ ਖੇਤਰ ਵਿੱਚ ਵੰਡੀਆਂ ਜਾਂਦੀਆਂ ਸਨ।ਇਸ ਮਾਮਲੇ ਵਿੱਚ ਪੁਲਿਸ ਥਾਣਾ ਗੇਟ ਇਸਲਾਮਾਬਾਦ, ਅੰਮ੍ਰਿਤਸਰ ਵਿਖੇ ਐਫਆਈਆਰ ਦਰਜ ਕਰ ਲਈ ਗਈ ਹੈ। ਪੁਲਿਸ ਵੱਲੋਂ ਇਸ ਨੈੱਟਵਰਕ ਦੇ ਅੱਗੇ ਅਤੇ ਪਿੱਛੇ ਦੇ ਸਾਰੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।