ਨਿਊਜ਼ ਪੰਜਾਬ
29 ਸਤੰਬਰ 2025
ਪੰਜਾਬ ਦੇ ਗੁਰਦਾਸਪੁਰ ਵਿੱਚ ਪੁਲਿਸ ਨੇ ਨਸ਼ੇ ਅਤੇ ਹਥਿਆਰਾਂ ਦੇ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਦੋ ਨੌਜਵਾਨਾਂ ਨੂੰ ਹੈਰੋਇਨ, ਗੈਰ ਕਾਨੂੰਨੀ ਹਥਿਆਰ ਅਤੇ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਡੀਐਸਪੀ ਰਜਿੰਦਰ ਸਿੰਘ ਮਨਹਾਸ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਟੀਮ ਵੱਲੋਂ ਗਸ਼ਤ ਦੌਰਾਨ ਨੰਦਪੁਰ ਅਤੇ ਘਰੋਟੀਆਂ ਪਿੰਡ ਰਾਹੀਂ ਪਨੀਆੜ ਸ਼ੂਗਰ ਮਿੱਲ ਦੇ ਨੇੜੇ ਦੋ ਨੌਜਵਾਨ ਮੋਟਰਸਾਈਕਲ ’ਤੇ ਸਵਾਰ ਨਜ਼ਰ ਆਏ। ਜਦੋਂ ਉਨ੍ਹਾਂ ਨੇ ਪੁਲਿਸ ਪਾਰਟੀ ਨੂੰ ਵੇਖਿਆ ਤਾਂ ਪਿੱਛੇ ਮੁੜਨ ਦੀ ਕੋਸ਼ਿਸ਼ ਕੀਤੀ। ਸ਼ੱਕੀ ਹਰਕਤ ਦੇ ਚਲਦਿਆਂ ਪੁਲਿਸ ਵੱਲੋਂ ਦੋਵੇਂ ਨੂੰ ਕਾਬੂ ਕਰ ਲਿਆ ਗਿਆ।
ਤਲਾਸ਼ੀ ਦੌਰਾਨ ਦੋਸ਼ੀਆਂ ਤੋਂ 256 ਗ੍ਰਾਮ ਹੈਰੋਇਨ, ਇੱਕ 32 ਬੋਰ ਦਾ ਪਿਸਤੌਲ, ਇੱਕ ਮੈਗਜ਼ੀਨ ਅਤੇ ਦੋ ਜ਼ਿੰਦਾ ਕਾਰਤੂਸ, ਇੱਕ 315 ਬੋਰ ਦਾ ਦੇਸੀ ਪਿਸਤੌਲ ਅਤੇ ਤਿੰਨ ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਵੇਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਨ੍ਹਾਂ ਵਿਰੁੱਧ ਐਨਡੀਪੀਐਸ ਐਕਟ ਅਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਡੀਐਸਪੀ ਨੇ ਕਿਹਾ ਕਿ ਦੋਸ਼ੀਆਂ ਦੀ ਪਿਛੋਕੜ ਅਤੇ ਉਨ੍ਹਾਂ ਦੇ ਨੇੜਲੇ ਸਬੰਧਾਂ ਬਾਰੇ ਪਤਾ ਲਗਾਉਣ ਲਈ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ।
