ਨਿਊਜ਼ ਪੰਜਾਬ
8 ਅਕਤੂਬਰ 2025
ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ’ ਤੇ ਵੱਡੀ ਗਿਣਤੀ ਸੰਗਤਾਂ ਨੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਵਧੀਕ ਹੈੱਡ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਸਮੇਤ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਭਰੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸੁੰਦਰ ਜਲੌ ਸਜਾਏ ਗਏ, ਜੋ ਸੰਗਤਾਂ ਲਈ ਖਿੱਚ ਦਾ ਕੇਂਦਰ ਰਹੇ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਮਗਰੋਂ ਪੰਥ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਇਤਿਹਾਸ ਨਾਲ ਜੋੜਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਬੋਧਨ ਕਰਦਿਆਂ ਸੰਗਤਾਂ ਨੂੰ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਸਮੁੱਚੀ ਮਨੁੱਖਤਾ ਲਈ ਮਾਰਗ ਦਰਸ਼ਨ ਹੈ। ਉਨ੍ਹਾਂ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਣਾ ਕਰਦਿਆਂ ਬਾਣੀ ਅਤੇ ਬਾਣੇ ਦੇ ਧਾਰਨੀ ਹੋਣ ਦੀ ਅਪੀਲ ਕੀਤੀ।
ਹੈਲੀਕਾਪਟਰ ਵਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਵਰਖਾ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਸਤਿਕਾਰ ਭੇਟ ਕਰਦਿਆਂ ਹਿਮਾਚਲ ਦੇ ਚੰਬਾ ਦੇ ਇੱਕ ਸਿੱਖ ਪਰਿਵਾਰ ਵੱਲੋਂ ਪਿਛਲੇ ਚਾਰ ਵਰਿਆਂ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਦਰਬਾਰ ਸਾਹਿਬ ਵਿਖੇ ਫੁੱਲਾਂ ਦੀ ਵਰਖਾ ਦੀ ਸੇਵਾ ਕੀਤੀ ਗਈ। ਪਿਛਲੇ ਕੁਝ ਸਾਲਾਂ ਤੋਂ ਹਰ ਸਾਲ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸਜਾਏ ਜਾਣ ਵਾਲੇ ਨਗਰ ਕੀਰਤਨ ‘ਤੇ ਹੈਲੀਕਾਪਟਰ ਦੇ ਰਾਹੀਂ ਫੁੱਲਾਂ ਦੀ ਵਰਖਾ ਦੀ ਇਹ ਸੇਵਾ ਕੀਤੀ ਜਾ ਰਹੀ ਸੀ ਪਰ ਬੀਤੇ ਕੱਲ ਮੌਸਮ ਖਰਾਬ ਹੋਣ ਦੇ ਚਲਦਿਆਂ ਦੇਹਰਾਦੂਨ ਤੋਂ ਆ ਰਹੇ ਹੈਲੀਕਾਪਟਰ ਨੂੰ ਵਾਪਸ ਪਰਤਣਾ ਪਿਆ, ਜਿਸ ਤੋਂ ਬਾਅਦ ਅੱਜ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਵਰਖਾ ਦੀ ਸੇਵਾ ਕੀਤੀ ਗਈ।
