ਲੁਧਿਆਣਾ,22 ਅਕਤੂਬਰ ( ਆਰ ਐਸ ਖ਼ਾਲਸਾ ) ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਬੀਤੀ ਰਾਤ ਬੜੀ ਸ਼ਰਧਾ ਭਾਵਨਾ ਦੇ ਨਾਲ ਬੰਦੀ ਛੋੜ ਦਿਵਸ ਨੂੰ ਸਮਰਪਿਤ ਵਿਸੇਸ਼ ਕੀਰਤਨ ਸਮਾਗਮ ਆਯੋਜਿਤ ਕੀਤਾ ਗਿਆ। ਜਿਸ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਧਰਮਿੰਦਰ ਸਿੰਘ ਪਵਾਰ, ਭਾਈ ਗੁਰਸਿਮਰਨਜੀਤ ਸਿੰਘ, ਭਾਈ ਅਜਮੇਰ ਸਿੰਘ ਖੰਨੇ ਵਾਲਿਆਂ ਦੇ ਜੱਥਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਨਾਲ ਹੀ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੀਵਨ ਫਲਸਫੇ ਉਪਰ ਚਾਨਣਾ ਪਾਉਦਿਆ ਹੋਇਆ ਕਿਹਾ ਕਿ ਉੱਚੇ ਆਦਰਸ਼ਾਂ ਦੇ ਧਾਰਨੀ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਭਗਤੀ ‘ਤੇ ਸ਼ਕਤੀ ਦੇ ਸੰਕਲਪ ਨੂੰ ਸਿਧਾਂਤਕ ਤੌਰ ਤੇ ਪ੍ਰਵਾਨ ਕਰਦਿਆਂ ਮੀਰੀ ਤੇ ਪੀਰੀ ਦੀਆਂ ਦੋ ਕ੍ਰਿਪਾਨਾਂ ਧਾਰਨ ਕਰ ਕੇ ਜਿੱਥੇ ਇੱਕ ਨਵੇਂ ਇਤਿਹਾਸ ਦੀ ਸਿਰਜਨਾ ਕੀਤੀ, ਉੱਥੇ ਨਾਲ ਹੀ ਗਵਾਲੀਅਰ ਦੇ ਕਿਲ੍ਹੇ ਵਿੱਚੋ 52 ਭਾਰਤੀ ਰਾਜਿਆਂ ਨੂੰ ਰਿਹਾ ਕਰਵਾਕੇ ਇੱਕ ਮਿਸਾਲ ਕਾਇਮ ਕੀਤੀ।ਜਿਸ ਕਰਕੇ ਸਮੁੱਚੇ ਸੰਸਾਰ ਭਰ ਦੀਆਂ ਸੰਗਤਾਂ ਬੰਦੀ ਛੋੜ ਦਿਵਸ ਨੂੰ ਬੜੇ ਸਤਿਕਾਰ ਨਾਲ ਮਨਾਉਦੀਆਂ ਹਨ।ਇਸ ਦੌਰਾਨ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਇੰਦਰਜੀਤ ਸਿੰਘ ਮਕੱੜ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਬੰਦੀ ਛੋੜ ਦਿਵਸ ਮਨਾਉਣਾ ਤਾਂ ਹੀ ਸਫਲਾ ਹੋ ਸਕਦਾ ਹੈ ਜੇਕਰ ਅਸੀਂ ਉਨ੍ਹਾਂ ਦੇ ਉਪਦੇਸ਼ਾਂ ਨੂੰ ਸਮੁੱਚੀ ਮਾਨਵਤਾ ਤੱਕ ਪੁਹੰਚਾਣ ਦਾ ਯਤਨ ਕਰੀਏ ਅਤੇ ਆਪ ਸੇਵਾ ਤੇ ਸਿਮਰਨ ਦੇ ਸਿਧਾਂਤ ਨਾਲ ਜੁੜਿਏ ਤਾ ਹੀ ਸਿੱਖੀ ਦੀ ਫੁਲਵਾੜੀ ਹੋਰ ਮਹਿਕ ਸਕੇਗੀ। ਇਸ ਮੌਕੇ ਉਨ੍ਹਾਂ ਨੇ ਆਪਣੇ ਸਾਥੀਆਂ ਨਾਲ ਸਾਂਝੇ ਤੌਰ ਤੇ ਗੁਰੂ ਘਰ ਦੇ ਕੀਰਤਨ ਜੱਥਿਆਂ ਦੇ ਸਮੂਹ ਮੈਬਰਾਂ ਨੂੰ ਸਿਰਪਾਉ ਭੇਟ ਕੀਤੇ। ਕੀਰਤਨ ਸਮਾਗਮ ਦੌਰਾਨ ਅੱਤਰ ਸਿੰਘ ਮੱਕੜ,ਮਹਿੰਦਰ ਸਿੰਘ ਡੰਗ, ਰਜਿੰਦਰ ਸਿੰਘ ਡੰਗ,ਹਰਪਾਲ ਸਿੰਘ ਖਾਲਸਾ, ਬਲਬੀਰ ਸਿੰਘ ਭਾਟੀਆ,ਰਣਜੀਤ ਸਿੰਘ ਖਾਲਸਾ, ਪਰਮਜੀਤ ਸਿੰਘ ਸੇਠੀ, ਹਰਬੰਸ ਸਿੰਘ ਰਾਜਾ, ਸੁਖਵਿੰਦਰ ਸਿੰਘ ਹੈਪੀ ਕੋਚਰ,ਹਰਮੀਤ ਸਿੰਘ ਡੰਗ,ਹਰਵਿੰਦਰ ਸਿੰਘ ਕੋਹਲੀ, ਹਰਪ੍ਰੀਤ ਸਿੰਘ ਗੁਰਮ, ਰਜਿੰਦਰਪਾਲ ਸਿੰਘ ਮੱਕੜ, ਨਰਿੰਦਰਪਾਲ ਸਿੰਘ ਕਥੂਰੀਆ,ਅਵਤਾਰ ਸਿੰਘ ਮਿੱਢਾ ਵਿਸੇਸ਼ ਤੌਰ ਤੇ ਹਾਜਰ ਸਨ!
ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ ਆਯੋਜਿਤ
