ਨਿਊਜ਼ ਪੰਜਾਬ
23 ਅਕਤੂਬਰ 2025
ਪੰਜਾਬ ਅਤੇ ਚੰਡੀਗੜ੍ਹ ਵਿੱਚ ਪੰਜਾਬ ਰੋਡਵੇਜ਼, ਪਨਬਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਚੱਕਾ ਜਾਮ ਦਾ ਪ੍ਰਦਰਸ਼ਨ ਫਿਲਹਾਲ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਬੱਸ ਟੈਂਡਰ ਪ੍ਰਕਿਰਿਆ ਨੂੰ ਮੁਲਤਵੀ ਕਰਨ ਤੋਂ ਬਾਅਦ ਠੇਕਾ ਮੁਲਾਜ਼ਮਾਂ ਨੇ ਆਪਣੀ ਹੜਤਾਲ 31 ਅਕਤੂਬਰ ਤੱਕ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਸਰਕਾਰ ਅਤੇ ਯੂਨੀਅਨ ਦੇ ਨੁਮਾਇੰਦਿਆਂ ਵਿਚਕਾਰ ਹੋਈ ਗੱਲਬਾਤ ਤੋਂ ਬਾਅਦ ਸਥਿਤੀ ਆਮ ਵਾਂਗ ਹੋ ਗਈ ਹੈ।
ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ 31 ਅਕਤੂਬਰ ਤੱਕ ਸਥਾਈ ਹੱਲ ਲੱਭਣ ਵਿੱਚ ਅਸਫਲ ਰਹਿੰਦੀ ਹੈ ਤਾਂ ਗੁਪਤ ਐਕਸ਼ਨ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਚੇਤਾਵਨੀ ਦਿੱਤੀ ਕਿ ਅਗਲੀ ਵਾਰ ਬਿਨਾਂ ਕਿਸੇ ਪੂਰਵ ਸੂਚਨਾ ਦੇ ਬੱਸਾਂ ਨੂੰ ਜਿੱਥੇ ਵੀ ਹੋਣ ਰੋਕ ਦਿੱਤਾ ਜਾਵੇਗਾ ਅਤੇ ਹਾਈਵੇਅ ਅਚਾਨਕ ਬੰਦ ਕਰ ਦਿੱਤੇ ਜਾਣਗੇ।

ਦੱਸ ਦੇਈਏ ਕਿ ਸਰਕਾਰ ਵਲੋਂ ਨਵੀਆਂ ਕਿਲੋਮੀਟਰ ਸਕੀਮ ਅਧੀਨ ਬੱਸਾਂ ਪਾਉਣ ਨੂੰ ਲੈ ਕੇ ਅੱਜ ਟੈਂਡਰ ਖੋਲਿਆ ਜਾਣਾ ਸੀ ,ਜਿਸਨੂੰ ਫਿਲਹਾਲ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਮੁਲਾਜ਼ਮਾਂ ਦਾ ਕਹਿਣਾ ਹੈ ਪ੍ਰਾਈਵੇਟ ਬੱਸਾਂ ਨੂੰ ਵਿਭਾਗ ਅਧੀਨ ਲੈ ਕੇ ਆਉਣ ਨਾਲ ਵਿਭਾਗ ਖਤਮ ਹੋਣ ਦੀ ਕਗਾਰ ਵੱਲ ਵਧੇਗਾ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਪਹਿਲਾਂ ਹੀ ਮੁਲਾਜ਼ਮਾਂ ਨੂੰ ਤਨਖਾਹ ਦੇਣ ਲਈ ਸਰਕਾਰ ਕੋਲ ਪੈਸੇ ਨਹੀਂ ਹਨ। ਹਰ ਵਾਰ ਮੁਲਾਜ਼ਮਾਂ ਨੂੰ ਸੰਘਰਸ਼ ਕਰਕੇ ਤਨਖਾਹ ਲੈਣੀ ਪੈਂਦੀ ਹੈ।
