ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਹੋਈ ਦਸਤਾਰਬੰਦੀ: ਨਿਹੰਗ ਜਥੇਬੰਦੀਆਂ ਤੇ ਸੰਪਰਦਾਵਾਂ ਦੀ ਸਾਂਝੀ ਸ਼ਿਰਕਤ

ਨਿਊਜ਼ ਪੰਜਾਬ

25 ਅਕਤੂਬਰ 2025

ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਦਸਤਾਰਬੰਦੀ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਦੂਜੀ ਵਾਰ ਰੱਖਿਆ ਇਹ ਸਮਾਗਮ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਤੇ ਸੰਪਰਦਾਵਾਂ ਸ਼ਿਰਕਤ ਕੀਤੀ। ਇਸ ਸਮਾਗਮ ਨਾਲ 9ਵੀਂ ਪਾਤਸ਼ਾਹੀ ਦੇ 350ਵੀਂ ਸ਼ਹੀਦੀ ਸ਼ਤਾਬਦੀ ਸਮਾਗਮਾਂ ਤੋਂ ਪਹਿਲਾਂ ਕੌਮ ਨੂੰ ਇੱਕਜੁੱਟਤਾ ਦਾ ਸੁਨੇਹਾ ਦਿੱਤਾ ਗਿਆ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਸਿੰਘ ਸਾਹਿਬ ਦੀ ਨਿਯੁਕਤੀ ਦੇ ਢੰਦ ’ਤੇ ਵਿਵਾਦ ਹੋਇਆ ਸੀ।

ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਮੁੱਖ ਰੱਖਦਿਆਂ, ਸਿੰਘ ਸਾਹਿਬ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਮੂਹ ਨਿਹੰਗ ਸਿੰਘ ਦਲ ਪੰਥਾਂ, ਸਿੱਖ ਸੰਪਰਦਾਵਾਂ, ਜਥੇਬੰਦੀਆਂ ਅਤੇ ਮਹਾਪੁਰਖਾਂ ਵੱਲੋਂ ਮਾਨ ਸਨਮਾਨ ਦੇ ਕੇ ਪੰਥਕ ਜਿੰਮੇਵਾਰੀ ਸੌਂਪਣ ਲਈ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ (ਰੋਪੜ) ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ।

ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਕਿਹਾ ਅਸੀਂ ਨਹੀਂ ਚਾਹੁੰਦੇ ਕਿ ਪੰਥ ’ਚ ਦੁਵਿਧਾ ਬਣੀ ਰਹੇ। ਤੁਸੀਂ ਸਾਰਿਆਂ ਦੇ ਸਾਂਝੇ ਹੋ। ਕਦੇ ਵੀ ਕਿਸੇ ਦੇ ਹੱਥ ਠੋਕਾ ਬਣਕੇ ਨਹੀਂ ਚੱਲਣਾ ਹੈ। ਪ੍ਰਧਾਨ ਧਾਮੀ ਦਾ ਧੰਨਵਾਦ ਕਰਦੇ ਹਾਂ। ਤੁਸੀਂ ਪੰਥ ਦੀ ਮਰਿਆਦਾ ਨੂੰ ਕਾਇਮ ਰੱਖਿਆ ਹੈ। ਇਸ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਪੰਥਕ ਜ਼ਿੰਮਵਾਰੀ ਸੌਂਪੀ ਗਈ। ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਿਧਾਂਤਾ ’ਤੇ ਚਲਿਆ ਜਾਵੇਗਾ। ਪੰਥ ਇੱਕਜੁਟ ਹੈ ਅਤੇ ਕੌਮ ’ਚ ਕੋਈ ਮਤਭੇਦ ਨਹੀਂ ਹੈ। ਦਲ ਪੰਥਾਂ ਦੇ ਸਹਿਯੋਗ ਨਾਲ ਧਰਮ ਪਰਿਵਰਤਨ ਨੂੰ ਰੋਕਿਆ ਜਾਵੇਗਾ।