ਨਿਊਜ਼ ਪੰਜਾਬ
28 ਅਕਤੂਬਰ 2025
ਅੱਜ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੋਈ ਰਾਹਤ ਨਹੀਂ ਦਿੱਤੀ। ਮਨਜਿੰਦਰ ਲਾਲਪੁਰਾ ਨੇ ਲੜਕੀ ਨਾਲ ਛੇੜਛਾੜ ਦੇ ਮਾਮਲੇ ਵਿੱਚ ਨਾਲ ਹੇਠਲੀ ਅਦਾਲਤ ਦੇ ਫੈਸਲੇ ਨੂੰ ਹਾਈ ਕੋਰਟ ’ਚ ਚੁਣੌਤੀ ਦਿੱਤੀ ਹੈ। ਹਾਲਾਂਕਿ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਹਾਈ ਕੋਰਟ ਨੇ ਸਜ਼ਾ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ। ਹੁਣ ਕੇਸ ਦੀ ਅਗਲੀ ਸੁਣਵਾਈ 18 ਨਵੰਬਰ ਨੂੰ ਹੋਵੇਗੀ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅਗਲੀ ਸੁਣਵਾਈ ‘ਤੇ ਮਾਮਲੇ ਦਾ ਪੂਰਾ ਰਿਕਾਰਡ ਪੇਸ਼ ਕਰਨ ਦਾ ਵੀ ਹੁਕਮ ਦਿੱਤਾ ਹੈ। ਹੇਠਲੀ ਅਦਾਲਤ ਰਿਕਾਰਡ ਭੇਜੇਗੀ। ਹਾਈ ਕੋਰਟ ਨੇ ਪੁੱਛਿਆ- ਕੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਹੋਣ ਬਾਰੇ ਕੋਈ ਕਾਰਵਾਈ ਹੋਈ ਹੈ ?’ ਜੇਕਰ ਕੋਈ ਕਾਰਵਾਈ ਨਹੀਂ ਹੋਈ ਤਾਂ ਫਿਰ ਤੁਹਾਨੂੰ ਕਿਸ ਗੱਲ ਦੀ ਕਾਹਲੀ ਹੈ? ਅਦਾਲਤ ਨੇ ਕਿਹਾ ਕਿ ਉਨ੍ਹਾਂ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕਰਨ ਲਈ ਅਜੇ ਤੱਕ ਕੋਈ ਕਾਰਵਾਈ ਸ਼ੁਰੂ ਨਹੀਂ ਹੋਈ, ਇਸ ਲਈ ਇਸ ਪੜਾਅ ‘ਤੇ ਤੁਰੰਤ ਦਖਲ ਦੇਣ ਦੀ ਕੋਈ ਲੋੜ ਨਹੀਂ ਹੈ।
ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੂੰ ਤਰਨਤਾਰਨ ਦੀ ਇੱਕ ਅਦਾਲਤ ਨੇ ਚਾਰ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਵਿਧਾਇਕ ਨੇ ਆਪਣੀ ਸਜ਼ਾ ‘ਤੇ ਰੋਕ ਲਗਾਉਣ ਲਈ ਹਾਈ ਕੋਰਟ ਵਿੱਚ ਅਪੀਲ ਕੀਤੀ ਸੀ, ਜਿਸਦੀ ਸੁਣਵਾਈ ਅੱਜ ਹੋਈ। ਪਿਛਲੀ ਸੁਣਵਾਈ ਦੌਰਾਨ ਲਾਲਪੁਰਾ ਦੇ ਵਕੀਲ ਨੇ ਦਲੀਲ ਦਿੱਤੀ ਸੀ ਕਿ ਜੇਕਰ ਉਨ੍ਹਾਂ ਦੀ ਸਜ਼ਾ ‘ਤੇ ਰੋਕ ਨਹੀਂ ਲਗਾਈ ਗਈ ਤਾਂ ਉਨ੍ਹਾਂ ਦੀ ਵਿਧਾਨ ਸਭਾ ਮੈਂਬਰਸ਼ਿਪ ਆਪਣੇ ਆਪ ਰੱਦ ਹੋ ਸਕਦੀ ਹੈ, ਜਿਸ ਨਾਲ ਹਲਕੇ ਵਿੱਚ ਨਵੀਆਂ ਚੋਣਾਂ ਦੀ ਲੋੜ ਪਵੇਗੀ।
