ਆਂਧਰਾ ਪ੍ਰਦੇਸ਼ ਦੇ ਵੈਂਕਟੇਸ਼ਵਰ ਮੰਦਰ’ਚ ਮਚੀ ਭਗਦੜ:10 ਲੋਕਾਂ ਦੀ ਮੌਤ,ਕਈ ਜਖਮੀ,PM ਮੋਦੀ ਨੇ ਪ੍ਰਗਟਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰ ਨੂੰ ਮਿਲਣਗੇ 2-2 ਲੱਖ ਰੁਪਏ

ਨਿਊਜ਼ ਪੰਜਾਬ

ਅਮਰਾਵਤੀ, 1 ਨਵੰਬਰ-, 2025

ਅੱਜ ਏਕਾਦਸ਼ੀ ਦੌਰਾਨ ਆਂਧਰਾ ਪ੍ਰਦੇਸ਼ ਦੇ ਸ਼੍ਰੀਕਾਕੁਲਮ ਵਿਚ ਕਾਸ਼ੀਬੁੱਗਾ ਵੈਂਕਟੇਸ਼ਵਰ ਮੰਦਰ ਵਿਚ ਭਗਦੜ ਮਚਣ ਕਾਰਨ ਦਸ ਲੋਕਾਂ ਦੀ ਮੌਤ ਹੋ ਗਈ। ਇਨ੍ਹਾਂ ਵਿਚ ਅੱਠ ਔਰਤਾਂ ਅਤੇ ਦੋ ਬੱਚੇ ਸ਼ਾਮਿਲ ਸਨ। ਇਸ ਦੇ ਨਾਲ ਹੀ 25 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ।

ਸਥਾਨਕ ਲੋਕਾਂ ਦੇ ਅਨੁਸਾਰ ਭਾਰੀ ਭੀੜ ਕਾਰਨ ਹੋਈ ਧੱਕਾ-ਮੁੱਕੀ ਕਾਰਨ ਰੇਲਿੰਗ ਟੁੱਟ ਗਈ, ਜਿਸ ਕਾਰਨ ਭਗਦੜ ਮਚੀ। ਅਧਿਕਾਰੀਆਂ ਨੂੰ ਡਰ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਵੱਧ ਸਕਦੀ ਹੈ। ਸਰਕਾਰ ਨੇ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ।ਆਂਧਰਾ ਪ੍ਰਦੇਸ਼ ਦੀ ਗ੍ਰਹਿ ਮੰਤਰੀ ਅਨੀਤਾ ਨੇ ਕਿਹਾ ਕਿ ਹਰ ਹਫ਼ਤੇ ਲਗਭਗ 1,500 ਤੋਂ 2,000 ਸ਼ਰਧਾਲੂ ਮੰਦਰ ਆਉਂਦੇ ਹਨ। ਅੱਜ ਏਕਾਦਸ਼ੀ ਕਾਰਨ ਸ਼ਰਧਾਲੂਆਂ ਦੀ ਗਿਣਤੀ ਕਾਫ਼ੀ ਜ਼ਿਆਦਾ ਸੀ। ਉਨ੍ਹਾਂ ਦੱਸਿਆ ਕਿ ਮੰਦਰ ਪਹਿਲੀ ਮੰਜ਼ਿਲ ‘ਤੇ ਸਥਿਤ ਹੈ ਅਤੇ ਇਸ ਤੱਕ ਜਾਣ ਲਈ 20 ਪੌੜੀਆਂ ਹਨ। ਧੱਕਾ-ਮੁੱਕੀ ਦੌਰਾਨ ਰੇਲਿੰਗ ਟੁੱਟ ਗਈ, ਜਿਸ ਕਾਰਨ ਭਗਦੜ ਮਚੀ।

ਇਸ ਹਾਦਸੇ ਵਿਚ ਮਾਰੇ ਗਏ ਲੋਕਾਂ ਦੀ ਮੌਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਡੂੰਘਾ ਦੁੱਖ ਪ੍ਰਗਟ ਕੀਤਾ ਗਿਆ। ਦੱਸ ਦੇਈਏ ਕਿ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਹਰੇਕ ਮ੍ਰਿਤਕ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਾ ਐਲਾਨ ਕੀਤਾ। ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਨੂੰ 50,000 ਰੁਪਏ ਪ੍ਰਤੀ ਵਿਅਕਤੀ ਦੀ ਵਿੱਤੀ ਸਹਾਇਤਾ ਮਿਲੇਗੀ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, “ਆਂਧਰਾ ਪ੍ਰਦੇਸ਼ ਦੇ ਸ਼੍ਰੀਕਾਕੁਲਮ ਵਿੱਚ ਵੈਂਕਟੇਸ਼ਵਰ ਸਵਾਮੀ ਮੰਦਰ ਵਿੱਚ ਹੋਈ ਭਗਦੜ ਤੋਂ ਬਹੁਤ ਦੁਖੀ ਹਾਂ। ਮੇਰੀਆਂ ਸੰਵੇਦਨਾਵਾਂ ਉਨ੍ਹਾਂ ਲੋਕਾਂ ਨਾਲ ਹਨ, ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਲਈ ਪ੍ਰਾਰਥਨਾ ਕਰਦਾ ਹਾਂ।”