ਤਰਨ ਤਾਰਨ ਹਲਕੇ ਦੀ ਜ਼ਿਮਨੀ ਚੋਣ ਮੱਦੇਨਜ਼ਰ 11 ਨਵੰਬਰ ਨੂੰ ਸਰਕਾਰੀ ਦਫਤਰਾਂ, ਵਿਦਿਅਕ ਤੇ ਉਦਯੋਗਿਕ ਅਦਾਰਿਆਂ ਲਈ ਸਥਾਨਕ ਛੁੱਟੀ ਦਾ ਐਲਾਨ

ਨਿਊਜ਼ ਪੰਜਾਬ

10 ਨਵੰਬਰ 2025

ਪੰਜਾਬ ਵਿਧਾਨ ਸਭਾ ਦੇ ਹਲਕਾ ਤਰਨ ਤਾਰਨ ਦੀ ਜ਼ਿਮਨੀ ਚੋਣ ਲਈ 11 ਨਵੰਬਰ 2025 (ਮੰਗਲਵਾਰ) ਨੂੰ ਵੋਟਾਂ ਪੈਣੀਆਂ ਹਨ। ਇਸ ਦਿਨ ਇਨ੍ਹਾਂ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹਲਕਾ ਤਰਨ ਤਾਰਨ ਵਿਖੇ ਸਥਿਤ ਸਾਰੇ ਸਰਕਾਰੀ ਦਫਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਵਿਦਿਅਕ ਅਦਾਰਿਆਂ ਲਈ ਸਥਾਨਕ ਛੁੱਟੀ ਸਮੇਤ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਘੋਸ਼ਿਤ ਕੀਤੀ ਗਈ ਹੈ।

ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਤਰਨ ਤਾਰਨ ਹਲਕੇ ਦਾ ਵੋਟਰ ਹੈ ਅਤੇ ਪੰਜਾਬ ਦੇ ਸਰਕਾਰੀ ਦਫਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਕੰਮ ਕਰਦਾ ਹੈ ਤਾਂ ਉਹ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਇਹ ਸਪੈਸ਼ਲ ਛੁੱਟੀ ਲੈ ਸਕੇਗਾ। ਇਹ ਛੁੱਟੀ ਅਧਿਕਾਰੀਆਂ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ। ਲੋਕ ਪ੍ਰਤੀਨਿਧਤਾ ਐਕਟ 1951 ਦੀ ਧਾਰਾ 135-ਬੀ (1) ਦੇ ਤਹਿਤ ਵੀ ਇਹ ਤਨਖਾਹ ਵਾਲੀ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਹ ਛੁੱਟੀ ਉਦਯੋਗਿਕ ਅਦਾਰਿਆਂ, ਕਾਰੋਬਾਰਾਂ, ਵਪਾਰਾਂ, ਦੁਕਾਨਾਂ ਜਾਂ ਹੋਰ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਸਾਰੇ ਕਰਮਚਾਰੀਆਂ ‘ਤੇ ਲਾਗੂ ਹੁੰਦੀ ਹੈ, ਜੋ ਜ਼ਿਮਨੀ ਚੋਣ ਲਈ ਵੋਟਿੰਗ ਵਾਲੇ ਦਿਨ ਵੋਟ ਪਾਉਣ ਦੇ ਹੱਕਦਾਰ ਹਨ।