ਨਿਊਜ਼ ਪੰਜਾਬ
12 ਨਵੰਬਰ 2025
ਮੁਹਾਲੀ ਜ਼ਿਲ੍ਹੇ ਦੇ ਡੇਰਾਬੱਸੀ ਇਲਾਕੇ ਵਿੱਚ ਅੱਜ ਸਵੇਰੇ ਲਾਰੈਂਸ-ਗੋਲਡੀ ਢਿੱਲੋਂ ਗੈਂਗ ਦੇ ਮੈਂਬਰਾਂ ਅਤੇ ਪੁਲਿਸ ਵਿਚਕਾਰ ਭਿਆਨਕ ਮੁਕਾਬਲਾ ਹੋਇਆ। ਜਾਣਕਾਰੀ ਅਨੁਸਾਰ, ਪੁਲਿਸ ਨੂੰ ਖੁਫੀਆ ਸੂਚਨਾ ਮਿਲੀ ਸੀ ਕਿ ਗੈਂਗ ਦੇ ਦੋ ਮੈਂਬਰ ਕਿਸੇ ਵੱਡੇ ਅਪਰਾਧ ਦੀ ਯੋਜਨਾ ਬਣਾ ਰਹੇ ਹਨ ਅਤੇ ਮੋਟਰਸਾਈਕਲ ‘ਤੇ ਨਿਕਲੇ ਹੋਏ ਹਨ।
ਸੂਚਨਾ ਮਿਲਦੇ ਹੀ ਪੁਲਿਸ ਨੇ ਚੌਕਸੀ ਵਧਾਈ ਅਤੇ ਡੇਰਾਬੱਸੀ ਦੇ ਨੇੜੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਪਰੰਤੂ ਪੁਲਿਸ ਵੱਲੋਂ ਆਤਮ ਸਮਰਪਣ ਕਰਨ ਲਈ ਕਹਿਣ ‘ਤੇ ਦੋਸ਼ੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਵੀ ਗੋਲੀਆਂ ਚਲਾਈਆਂ, ਜਿਸ ਦੌਰਾਨ ਦੋਵੇਂ ਗੈਂਗ ਮੈਂਬਰਾਂ ਦੀਆਂ ਲੱਤਾਂ ਵਿੱਚ ਗੋਲੀਆਂ ਲੱਗੀਆਂ।
ਜ਼ਖਮੀ ਹਾਲਤ ਵਿੱਚ ਦੋਵਾਂ ਨੂੰ ਤੁਰੰਤ ਸਿਵਲ ਹਸਪਤਾਲ ਡੇਰਾਬੱਸੀ ‘ਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ। ਐਸਪੀ (ਦਿਹਾਤੀ) ਮਨਪ੍ਰੀਤ ਸਿੰਘ ਮੌਕੇ ‘ਤੇ ਪਹੁੰਚੇ ਅਤੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਪੁੱਛਗਿੱਛ ਤੋਂ ਬਾਅਦ ਹੋਰ ਮਹੱਤਵਪੂਰਨ ਖੁਲਾਸੇ ਹੋਣ ਦੀ ਉਮੀਦ ਹੈ।ਪੁਲਿਸ ਦਾ ਮੰਨਣਾ ਹੈ ਕਿ ਇਹ ਗੈਂਗ ਪਿਛਲੇ ਕੁਝ ਸਮੇਂ ਤੋਂ ਖੇਤਰ ਵਿੱਚ ਅਪਰਾਧਕ ਗਤੀਵਿਧੀਆਂ ਵਿੱਚ ਸ਼ਾਮਲ ਸੀ ਅਤੇ ਹੋਰ ਸਾਥੀਆਂ ਦੀ ਭਾਲ ਜਾਰੀ ਹੈ।
