ਨਿਊਜ਼ ਪੰਜਾਬ
20 ਨਵੰਬਰ 2025
ਰਿਸ਼ਵਤਖੋਰੀ ਅਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਰੋਪੜ ਰੇਂਜ ਦੇ ਸਸਪੈਂਡਡ ਡੀਆਈਜੀ ਹਰਚਰਨ ਸਿੰਘ ਭੁੱਲਰ ਲਈ ਅੱਜ ਦਾ ਦਿਨ ਮਹੱਤਵਪੂਰਨ ਹੈ। ਉਨ੍ਹਾਂ ਦੀ ਨਿਆਇਕ ਹਿਰਾਸਤ ਅੱਜ ਖ਼ਤਮ ਹੋ ਰਹੀ ਹੈ, ਜਿਸ ਦੇ ਚੱਲਦਿਆਂ ਉਨ੍ਹਾਂ ਨੂੰ ਅੱਜ ਸੀਬੀਆਈ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਜਾਣਾ ਹੈ। ਸੁਰੱਖਿਆ ਕਾਰਨਾਂ ਕਰਕੇ, ਭੁੱਲਰ ਜੇਲ੍ਹ ਤੋਂ ਹੀ ਵੀਡੀਓ ਕਾਨਫਰੰਸਿੰਗ (VC) ਰਾਹੀਂ ਅਦਾਲਤੀ ਕਾਰਵਾਈ ਵਿੱਚ ਹਿੱਸਾ ਲੈਣਗੇ।
ਇਸ ਦੇ ਨਾਲ ਹੀ, ਡੀਆਈਜੀ ਭੁੱਲਰ ਦੇ ਪਰਿਵਾਰ ਨੇ ਅੱਜ ਸੀਬੀਆਈ ਕੋਰਟ ਵਿੱਚ ਇੱਕ ਅਰਜ਼ੀ ‘ਤੇ ਸੁਣਵਾਈ ਲਈ ਉਡੀਕ ਕੀਤੀ ਜਾ ਰਹੀ ਹੈ। ਪਰਿਵਾਰ ਦਾ ਕਹਿਣਾ ਹੈ ਕਿ ਸੀਬੀਆਈ ਵੱਲੋਂ ਉਨ੍ਹਾਂ ਦੇ ਸਾਰੇ ਬੈਂਕ ਖਾਤੇ ਫ੍ਰੀਜ਼ ਕੀਤੇ ਜਾਣ ਕਾਰਨ ਘਰ ਦਾ ਖਰਚ ਚਲਾਉਣਾ ਬਹੁਤ ਮੁਸ਼ਕਲ ਹੋ ਗਿਆ ਹੈ।
ਜ਼ਿਕਰਯੋਗ ਹੈ ਕਿ ਸੀਬੀਆਈ ਨੇ ਡੀਆਈਜੀ ਭੁੱਲਰ ਦੇ ਨਿੱਜੀ ਤਨਖਾਹ ਖਾਤੇ ਸਮੇਤ ਉਨ੍ਹਾਂ ਦੇ ਪੁੱਤਰ (ਜੋ ਪੰਜਾਬ ਵਿੱਚ ਅਸਿਸਟੈਂਟ ਐਡਵੋਕੇਟ ਜਨਰਲ ਹਨ) ਦਾ ਤਨਖਾਹ ਖਾਤਾ ਅਤੇ ਪਿਤਾ ਦਾ ਪੈਨਸ਼ਨ ਖਾਤਾ ਵੀ ਜ਼ਬਤ ਕਰ ਲਿਆ ਹੈ।
ਵਕੀਲਾਂ ਨੇ ਅਦਾਲਤ ਵਿੱਚ ਦਲੀਲ ਦਿੱਤੀ ਸੀ ਕਿ ਜਾਂਚ ਭਾਵੇਂ ਜਾਰੀ ਰਹੇ, ਪਰ ਰੋਜ਼ਾਨਾ ਦੇ ਖਰਚਿਆਂ ਲਈ ਬੈਂਕ ਖਾਤੇ ਡੀ-ਫ੍ਰੀਜ਼ ਕੀਤੇ ਜਾਣੇ ਚਾਹੀਦੇ ਹਨ। ਇਸ ਸਬੰਧੀ ਸੀਬੀਆਈ ਨੂੰ ਜਵਾਬ ਦੇਣ ਲਈ ਨੋਟਿਸ ਜਾਰੀ ਕੀਤਾ ਗਿਆ ਸੀ ਅਤੇ 20 ਨਵੰਬਰ (ਅੱਜ) ਨੂੰ ਇਸ ਮਾਮਲੇ ‘ਤੇ ਸੁਣਵਾਈ ਹੋਵੇਗੀ।
