ਨਿਊਜ਼ ਪੰਜਾਬ
24 ਨਵੰਬਰ 2025
ਅੱਜ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਵਿਧਾਨ ਸਭਾ ਦਾ ਸੈਸ਼ਨ ਰਾਜਧਾਨੀ ਚੰਡੀਗੜ੍ਹ ਤੋਂ ਬਾਹਰ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ‘ਤੇ ਹੋਣ ਜਾ ਰਿਹਾ ਹੈ। ਇਹ ਵਿਸ਼ੇਸ਼ ਸੈਸ਼ਨ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਸਮਾਰੋਹ ਨੂੰ ਸਮਰਪਿਤ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਹਿਲਾਂ ਹੀ ‘ਵੱਡੇ ਐਲਾਨ’ ਕਰਨ ਦੀ ਗੱਲ ਕਹੀ ਜਾ ਚੁੱਕੀ ਹੈ, ਜਿਸ ਕਾਰਨ ਸਿਆਸੀ ਹਲਕਿਆਂ ਵਿੱਚ ਕਈ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਖਾਸ ਤੌਰ ‘ਤੇ, ਸ੍ਰੀ ਅਨੰਦਪੁਰ ਸਾਹਿਬ ਨੂੰ ਜ਼ਿਲ੍ਹਾ ਬਣਾਉਣ ਜਾਂ ਰੂਪਨਗਰ ਜ਼ਿਲ੍ਹੇ ਨਾਲ ਸਬੰਧਤ ਕੁਝ ਪ੍ਰਸ਼ਾਸਨਿਕ ਫੇਰਬਦਲ ਕੀਤੇ ਜਾਣ ਦੀ ਉਮੀਦ ਹੈ। ਹਾਲਾਂਕਿ, ਜਾਰੀ ਕੀਤੀ ਗਈ ਸੈਸ਼ਨ ਕਾਰਵਾਈ ਵਿੱਚ ਅਜਿਹੇ ਕਿਸੇ ਐਲਾਨ ਦਾ ਜ਼ਿਕਰ ਨਹੀਂ ਹੈ।
ਅੱਜ ਦੁਪਹਿਰ 1 ਵਜੇ ਸ਼ੁਰੂ ਹੋਣ ਵਾਲਾ ਇਹ ਇਤਿਹਾਸਕ ਸੈਸ਼ਨ ਰਵਾਇਤੀ ਪ੍ਰਸ਼ਨ ਕਾਲ ਜਾਂ ਜ਼ੀਰੋ ਆਵਰ ਤੋਂ ਮੁਕਤ ਰਹੇਗਾ। ਇਸ ਦਾ ਮੁੱਖ ਏਜੰਡਾ ਸਿਰਫ਼ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹਾਦਤ ਸ਼ਤਾਬਦੀ ਦੇ ਸਬੰਧ ਵਿੱਚ ਇੱਕ ਵਿਸ਼ੇਸ਼ ਪ੍ਰਸਤਾਵ ਪੇਸ਼ ਕਰਨਾ ਹੈ, ਜਿਸ ਰਾਹੀਂ ਮਹਾਨ ਗੁਰੂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ।
