ਨਿਊਜ਼ ਪੰਜਾਬ
28 ਨਵੰਬਰ 2025
ਪੰਜਾਬ ਭਰ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਨ ਲਈ ਮੰਤਰੀ ਮੰਡਲ ਨੇ 12 ਪ੍ਰਮੁੱਖ ਸ਼ੇ੍ਣੀਆਂ ਦੇ 300 ਸਪੈਸ਼ਲਿਸਟ ਡਾਕਟਰਾਂ ਨੂੰ ਸੂਚੀਬੱਧ ਕਰਨ ਦੀ ਸਹਿਮਤੀ ਦੇ ਦਿੱਤੀ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਅੱਜ ਦੱਸਿਆ ਕਿ ਕੈਬਨਿਟ ਨੇ 12 ਅਹਿਮ ਸ਼ੇ੍ਣੀਆਂ, ਜਿਨ੍ਹਾਂ ਵਿੱਚ ਮੈਡੀਸਨ, ਪੈਡੀਐਟ੍ਰਿਕ (ਬੱਚਿਆਂ ਦੇ ਮਾਹਿਰ), ਸਾਈਕੈਟਰੀ (ਮਨੋਰੋਗਾਂ ਦੇ ਮਾਹਿਰ), ਡਰਮਾਟੋਲੋਜੀ (ਚਮੜੀ ਰੋਗਾਂ ਦੇ ਮਾਹਿਰ), ਚੈਸਟ ਤੇ ਟੀ.ਬੀ. (ਛਾਤੀ ਦੇ ਰੋਗਾਂ ਦੇ ਮਾਹਿਰ), ਸਰਜਰੀ, ਗਾਇਨਾਕੋਲੋਜੀ (ਔਰਤਾਂ ਦੇ ਰੋਗਾਂ ਦੇ ਮਾਹਿਰ), ਓਰਥੋਪੈਡਿਕਸ (ਹੱਡੀਆਂ ਦੇ ਮਾਹਿਰ), ਓਪਥਾਮੋਲੋਜੀ (ਅੱਖਾਂ ਦੇ ਰੋਗਾਂ ਦੇ ਮਾਹਿਰ), ਈ.ਐਨ.ਟੀ. (ਕੰਨ, ਨੱਕ ਤੇ ਗਲਾ ਰੋਗਾਂ ਦੇ ਮਾਹਿਰ) ਅਤੇ ਐਨਿਸਥੀਸੀਓਲੋਜੀ ਸ਼ਾਮਲ ਹਨ, ਦੇ 300 ਮਾਹਿਰ ਡਾਕਟਰਾਂ ਨੂੰ ਸੂਚੀਬੱਧ ਕਰਨ ਦਾ ਵੀ ਫੈਸਲਾ ਕੀਤਾ ਹੈ। ਇਸ ਕਦਮ ਨਾਲ ਸਪੈਸ਼ਲਿਸਟ ਡਾਕਟਰਾਂ ਦੀ ਉਪਲਬਧਤਾ ਵਧੇਗੀ ਅਤੇ ਪੰਜਾਬ ਦੇ ਲੋਕਾਂ ਨੂੰ ਸੈਕੰਡਰੀ ਪੱਧਰ ਦੀਆਂ ਸਿਹਤ ਸੰਭਾਲ ਸੇਵਾਵਾਂ ਦੀ ਗੁਣਵੱਤਾ ਵਿੱਚ ਸੁਧਾਰ ਹੋਵੇਗਾ।
