ਨਿਊਜ਼ ਪੰਜਾਬ
8 ਦਸੰਬਰ 2025
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 282ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 298 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 70 ਐਫਆਈਆਰਜ਼ ਦਰਜ ਕਰਕੇ 89 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 282 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 39,711 ਹੋ ਗਈ ਹੈ।
ਇਸ ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 6.7 ਕਿਲੋ ਹੈਰੋਇਨ, 350 ਗ੍ਰਾਮ ਅਫੀਮ, 2382 ਨਸ਼ੀਲੀਆਂ ਗੋਲੀਆਂ ਅਤੇ 5080 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।
