ਕਿਸਾਨ ਮਜ਼ਦੂਰ ਮੋਰਚਾ ਦਾ ਐਲਾਨ: 18-19 ਦਸੰਬਰ ਨੂੰ ਸੂਬਾ ਵਿਆਪੀ ਵਿਰੋਧ, ਮੰਗਾਂ ਨਾ ਮੰਨੀਆਂ ਤਾਂ 20 ਤੋਂ ਰੇਲ ਰੋਕੋ ਅੰਦੋਲਨ

ਨਿਊਜ਼ ਪੰਜਾਬ

13 ਦਸੰਬਰ 2025

ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਕਿਸਾਨ ਮਜ਼ਦੂਰ ਮੋਰਚਾ (KMM) ਦੀ ਮੀਟਿੰਗ ਦੌਰਾਨ ਆਗੂਆਂ ਨੇ ਸਰਕਾਰ ਵਿਰੁੱਧ ਸਖ਼ਤ ਰੁਖ ਅਪਣਾਉਂਦਿਆਂ ਐਲਾਨ ਕੀਤਾ ਕਿ 18 ਅਤੇ 19 ਦਸੰਬਰ ਨੂੰ ਪੰਜਾਬ ਭਰ ਦੇ ਜ਼ਿਲ੍ਹਾ ਮੈਜਿਸਟ੍ਰੇਟ ਦਫ਼ਤਰਾਂ ਅੱਗੇ ਸ਼ਾਂਤੀਪੂਰਨ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਕਿਸਾਨਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ’ਤੇ ਧਿਆਨ ਨਾ ਦਿੱਤਾ ਗਿਆ ਤਾਂ 20 ਦਸੰਬਰ ਤੋਂ ਅੰਮ੍ਰਿਤਸਰ, ਫਿਰੋਜ਼ਪੁਰ, ਸੰਗਰੂਰ ਅਤੇ ਬਠਿੰਡਾ ਵਿੱਚ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ 1 ਦਸੰਬਰ ਨੂੰ ਸਰਕਾਰ ਨੂੰ ਮੰਗਾਂ ਦਾ ਮੰਗ ਪੱਤਰ ਸੌਂਪਿਆ ਸੀ। ਜੇਕਰ ਸਰਕਾਰ ਚਾਹੁੰਦੀ ਹੈ, ਤਾਂ ਉਹ ਸਾਡੇ ਨਾਲ ਗੱਲ ਕਰੇ ਅਤੇ ਇਸ ਚੀਜ਼ ਨੂੰ ਪਹਿਲਾਂ ਰੋਕ ਲਵੇ। ਮੋਰਚੇ ਨੇ ਕਿਸਾਨਾਂ ’ਤੇ ਹੋਈ ਪੁਲਿਸ ਕਾਰਵਾਈ ਦੀ ਨਿੰਦਾ ਕਰਦਿਆਂ ਕਿਹਾ ਕਿ ਸਰਕਾਰ ਕਿਸਾਨ ਮਸਲਿਆਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ ਅਤੇ ਬਿਨਾਂ ਸਲਾਹ-ਮਸ਼ਵਰੇ ਕਾਨੂੰਨ ਬਣਾਉਣਾ ਧੋਖੇ ਦੇ ਬਰਾਬਰ ਹੈ।