ਚੋਣ ਡਿਊਟੀ ਦੌਰਾਨ ਮਰਨ ਵਾਲੇ ਅਧਿਆਪਕ ਜੋੜੇ ਦੇ ਪਰਿਵਾਰ ਨੂੰ ਦਿੱਤੇ ਜਾਣਗੇ 10-10 ਲੱਖ ਰੁਪਏ

ਨਿਊਜ਼ ਪੰਜਾਬ

25 ਦਸੰਬਰ 2025

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅਹਿਮ ਫੈਸਲਾ ਲੈਂਦਿਆਂ ਉਨ੍ਹਾਂ ਸਰਕਾਰੀ ਕਰਮਚਾਰੀਆਂ ਦੇ ਪਰਿਵਾਰਾਂ ਲਈ ਮਾਲੀ ਸਹਾਇਤਾ ਜਾਰੀ ਕਰਨ ਦੇ ਹੁਕਮ ਦਿੱਤੇ ਹਨ, ਜਿਨ੍ਹਾਂ ਨੇ ਚੋਣ ਡਿਊਟੀ ਦੌਰਾਨ ਆਪਣੀ ਜਾਨ ਗਵਾਈ ਸੀ। ਇਹ ਸਹਾਇਤਾ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੌਰਾਨ ਵਾਪਰੇ ਇੱਕ ਦੁਖਦਾਈ ਸੜਕ ਹਾਦਸੇ ਵਿੱਚ ਮਾਰੇ ਗਏ ਅਧਿਆਪਕ ਜੋੜੇ ਦੇ ਪਰਿਵਾਰ ਨੂੰ ਦਿੱਤੀ ਜਾ ਰਹੀ ਹੈ।

ਦੱਸ ਦਈਏ ਕਿ ਸਰਕਾਰੀ ਸਕੂਲ ਦੇ ਅਧਿਆਪਕ ਜਸਕਰਨ ਸਿੰਘ ਭੁੱਲਰ (ਅੰਗਰੇਜ਼ੀ ਮਾਸਟਰ) ਅਤੇ ਉਨ੍ਹਾਂ ਦੀ ਪਤਨੀ ਕਮਲਜੀਤ ਕੌਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਲੱਗੀ ਆਪਣੀ ਡਿਊਟੀ ‘ਤੇ ਜਾ ਰਹੇ ਸਨ। ਰਸਤੇ ਵਿੱਚ ਉਹ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਅਤੇ ਦੋਨਾਂ ਦੀ ਮੌਤ ਹੋ ਗਈ ਸੀ। ਮੁੱਖ ਮੰਤਰੀ ਨੇ ਪ੍ਰਤੀ ਮ੍ਰਿਤਕ 10 ਲੱਖ ਰੁਪਏ ਦੇ ਹਿਸਾਬ ਨਾਲ ਕੁੱਲ 20 ਲੱਖ ਰੁਪਏ ਦੀ ਮਾਲੀ ਸਹਾਇਤਾ ਨੂੰ ਪ੍ਰਵਾਨਗੀ ਦਿੱਤੀ ਹੈ। ਇਹ ਰਾਸ਼ੀ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਮੁੱਖ ਮੰਤਰੀ ਦਫ਼ਤਰ ਵੱਲੋਂ ਇੱਕ ਪੱਤਰ ਜਾਰੀ ਕੀਤਾ ਗਿਆ ਹੈ। ਪੱਤਰ ਅਨੁਸਾਰ, ਇਹ 20 ਲੱਖ ਰੁਪਏ ਦੀ ਰਾਸ਼ੀ ਡਿਪਟੀ ਕਮਿਸ਼ਨਰ, ਮੋਗਾ ਦੇ ਬੈਂਕ ਖਾਤੇ ਵਿੱਚ RTGS ਰਾਹੀਂ ਟ੍ਰਾਂਸਫਰ ਕੀਤੀ ਜਾ ਰਹੀ ਹੈ। ਡਿਪਟੀ ਕਮਿਸ਼ਨਰ ਨੂੰ ਹਦਾਇਤ ਕੀਤੀ ਗਈ ਹੈ ਕਿ ਇਹ ਰਾਸ਼ੀ ਤੁਰੰਤ ਦੋਵਾਂ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਜਾਂ ਕਾਨੂੰਨੀ ਵਾਰਸਾਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕਰਕੇ ਇਸ ਦੀ ਰਿਪੋਰਟ ਮੁੱਖ ਮੰਤਰੀ ਦਫ਼ਤਰ ਨੂੰ ਭੇਜੀ ਜਾਵੇ।