ਪੰਜਾਬ ਵਿੱਚ ਜਨਵਰੀ ਤੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਾਗੂ: ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਮੁਫ਼ਤ ਇਲਾਜ

ਨਿਊਜ਼ ਪੰਜਾਬ

26 ਦਸੰਬਰ 2025

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਜਨਵਰੀ ਤੋਂ ਪੰਜਾਬ ਵਿੱਚ ਸ਼ੁਰੂ ਕੀਤੀ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਇਸ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ। ਇਸ ਯੋਜਨਾ ਦੇ ਤਹਿਤ, ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਅਤੇ ਕੈਸ਼ਲੈੱਸ ਇਲਾਜ ਮਿਲੇਗਾ। ਇਸ ਨਾਲ ਲਗਭਗ 3 ਕਰੋੜ ਪੰਜਾਬੀਆਂ ਨੂੰ ਫਾਇਦਾ ਹੋਵੇਗਾ।

ਇਹ ਯੋਜਨਾ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਗੰਭੀਰ ਬਿਮਾਰੀਆਂ, ਸਰਜਰੀਆਂ, ਆਈ.ਸੀ.ਯੂ., ਟੈਸਟਾਂ ਅਤੇ ਦਵਾਈਆਂ ਨਾਲ ਸਬੰਧਤ ਸਾਰੇ ਖਰਚਿਆਂ ਨੂੰ ਕਵਰ ਕਰੇਗੀ। ਇਲਾਜ ਪੂਰੀ ਤਰ੍ਹਾਂ ਕੈਸ਼ਲੈੱਸ ਅਤੇ ਪੇਪਰਲੈੱਸ ਹੋਵੇਗਾ, ਜਿਸ ਨਾਲ ਲੋਕਾਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਹੋਵੇਗੀ। ਇਸ ਯੋਜਨਾ ਵਿੱਚ ਇਲਾਜ ਤੋਂ ਪਹਿਲਾਂ ਅਤੇ ਬਾਅਦ ਦੇ ਖਰਚੇ ਵੀ ਸ਼ਾਮਲ ਕੀਤੇ ਜਾਣਗੇ। ਇਹ ਸਹੂਲਤ ਸੂਬੇ ਭਰ ਦੇ ਹਸਪਤਾਲਾਂ ਅਤੇ ਚੰਡੀਗੜ੍ਹ ਵਿੱਚ ਉਪਲਬਧ ਹੋਵੇਗੀ।

ਇਸ ਤੋਂ  ਪਹਿਲਾਂ ਇੱਕ ਪਰਿਵਾਰ 5 ਲੱਖ ਰੁਪਏ ਤੱਕ ਦਾ ਇਲਾਜ ਕਰਵਾ ਸਕਦਾ ਸੀ, ਹੁਣ ਇਹ ਰਕਮ ਵਧਾ ਕੇ 10 ਲੱਖ ਰੁਪਏ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਯੋਜਨਾ ਲਈ ਕੋਈ ਆਮਦਨ ਸੀਮਾ ਨਹੀਂ ਹੈ। ਸਰਕਾਰੀ ਕਰਮਚਾਰੀ, ਪੈਨਸ਼ਨਰ ਅਤੇ ਆਮ ਨਾਗਰਿਕ ਸਾਰੇ ਇਸ ਦਾ ਲਾਭ ਲੈ ਸਕਦੇ ਹਨ।