ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਨਮਨ: ਗਿਆਨੀ ਰਘਬੀਰ ਸਿੰਘ

ਨਿਊਜ਼ ਪੰਜਾਬ

27 ਦਸੰਬਰ 2025

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦਸਮੇਸ਼ ਪਿਤਾ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਦਾ ਦਿਨ ਸਿੱਖ ਇਤਿਹਾਸ ਵਿੱਚ ਬਹੁਤ ਹੀ ਮਹੱਤਵਪੂਰਨ ਅਤੇ ਗੌਰਵਮਈ ਹੈ। ਇਕ ਪਾਸੇ ਖ਼ਾਲਸਾ ਪੰਥ ਦੇ ਸਾਜਣਹਾਰ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ, ਉੱਥੇ ਹੀ ਸਿੱਖ ਧਰਮ ਦੇ ਨਿੱਘੇ ਹੀਰੇ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫਤਿਹ ਸਿੰਘ ਜੀ ਅਤੇ ਮਾਤਾ ਗੁਜਰ ਕੌਰ ਜੀ ਦੀ ਸ਼ਹਾਦਤ ਨੂੰ ਵੀ ਯਾਦ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਨੇ ਸਿਰਫ਼ ਸੱਤ ਅਤੇ ਨੌ ਸਾਲ ਦੀ ਉਮਰ ਵਿੱਚ ਜ਼ੁਲਮ ਅੱਗੇ ਝੁਕਣ ਦੀ ਬਜਾਏ ਸ਼ਹਾਦਤ ਨੂੰ ਕਬੂਲ ਕਰਕੇ ਧਰਮ ਦੀ ਰੱਖਿਆ ਲਈ ਅਦੁੱਤੀ ਮਿਸਾਲ ਕਾਇਮ ਕੀਤੀ। ਨਾ ਉਨ੍ਹਾਂ ਨੇ ਜ਼ਾਲਮ ਦੀ ਈਨ ਮੰਨੀ ਅਤੇ ਨਾ ਹੀ ਧਰਮ ਬਦਲਣ ਨੂੰ ਸਵੀਕਾਰਿਆ, ਜਿਸ ਕਰਕੇ ਅੱਜ ਸਾਰੀ ਦੁਨੀਆ ਉਨ੍ਹਾਂ ਨੂੰ ਸਤਿਕਾਰ ਸਹਿਤ “ਬਾਬਾ” ਆਖਦੀ ਹੈ।

ਉਨ੍ਹਾਂ ਕਿਹਾ ਕਿ ਮਾਤਾ ਗੁਜਰ ਕੌਰ ਜੀ ਨੇ ਵੀ ਧੀਰਜ, ਸਹਿਨਸ਼ੀਲਤਾ ਅਤੇ ਅਟੱਲ ਵਿਸ਼ਵਾਸ ਦੀ ਮਿਸਾਲ ਕਾਇਮ ਕਰਦਿਆਂ ਅੱਜ ਦੇ ਦਿਨ ਮਹਾਨ ਸ਼ਹਾਦਤ ਪ੍ਰਾਪਤ ਕੀਤੀ। ਉਨ੍ਹਾਂ ਦੀ ਕੁਰਬਾਨੀ ਸਿੱਖ ਇਤਿਹਾਸ ਦਾ ਅਮਰ ਅਧਿਆਇ ਹੈ।

ਗਿਆਨੀ ਰਘਬੀਰ ਸਿੰਘ ਨੇ ਸਮੁੱਚੀ ਸਿੱਖ ਸੰਗਤ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਮੁਬਾਰਕਾਂ ਦਿੱਤੀਆਂ ਅਤੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਜੀ ਦੇ ਪਾਵਨ ਚਰਨਾਂ ਵਿੱਚ ਕੋਟਿਨ-ਕੋਟਿ ਨਮਨ ਕਰਦਿਆਂ ਕਿਹਾ ਕਿ ਇਹ ਸ਼ਹਾਦਤਾਂ ਸਾਨੂੰ ਸੱਚ, ਧਰਮ ਅਤੇ ਇਨਸਾਨੀਅਤ ਦੇ ਰਾਹ ’ਤੇ ਚਲਣ ਦੀ ਪ੍ਰੇਰਣਾ ਦਿੰਦੀਆਂ ਹਨ।