ਨਿਊਜ਼ ਪੰਜਾਬ
29 ਦਸੰਬਰ 2025
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੈਬਿਨੇਟ ਮੰਤਰੀ ਸਰਦਾਰ ਤਰੁਣਪ੍ਰੀਤ ਸਿੰਘ ਸੋਂਧ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਦੇ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਅਤੇ ਚੀਫ਼ ਖ਼ਾਲਸਾ ਦੀਵਾਨ (CKD) ਦੇ ਪ੍ਰਧਾਨ ਨੂੰ 5 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਨਿੱਜੀ ਤੌਰ ਤੇ ਪੇਸ਼ ਹੋਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ ਪੰਜ ਸਿੰਘ ਸਾਹਿਬਾਨਾਂ ਦੀ ਮੀਟਿੰਗ ਤੋਂ ਬਾਅਦ ਜਾਰੀ ਕੀਤੇ ਗਏ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰਾਲੇ ਵੱਲੋਂ ਸਬੰਧਤ ਧਿਰਾਂ ਨੂੰ ਉਨ੍ਹਾਂ ਦੀਆਂ ਅਧਿਕਾਰਿਕ ਈ-ਮੇਲ ਆਈਡੀਜ਼ ਤੇ ਪੱਤਰ ਭੇਜੇ ਗਏ ਹਨ। ਸਕੱਤਰਾਲੇ ਦੇ ਇੰਚਾਰਜ ਸਰਦਾਰ ਬਗੀਚਾ ਸਿੰਘ ਨੇ ਦੱਸਿਆ ਕਿ ਕੈਬਿਨੇਟ ਮੰਤਰੀ ਤਰੁਣਪ੍ਰੀਤ ਸਿੰਘ ਸੋਂਧ ਕੋਲੋਂ ਸ੍ਰੀ ਆਨੰਦਪੁਰ ਸਾਹਿਬ ਵਿਖੇ ਭਾਈ ਜੀਵਨ ਸਿੰਘ (ਭਾਈ ਜੈਤਾ ਜੀ) ਦੀ ਸਮਾਰਕ ਵਿੱਚ ਤਿਆਰ ਕੀਤੀਆਂ ਕੁਝ ਤਸਵੀਰਾਂ ਸਬੰਧੀ ਸਪਸ਼ਟੀਕਰਨ ਮੰਗਿਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਉਕਤ ਤਸਵੀਰਾਂ ਤੇ ਸਿੱਖ ਸਿਧਾਂਤਾਂ, ਮਰਿਆਦਾ ਅਤੇ ਧਾਰਮਿਕ ਭਾਵਨਾਵਾਂ ਦੇ ਉਲਟ ਹੋਣ ਦੇ ਦੋਸ਼ ਲਗਾਏ ਗਏ ਹਨ। ਇਸ ਸਬੰਧੀ ਮੰਤਰੀ ਸੋਂਧ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦੁਰ ਜੀ ਦੇ ਸ਼ਹੀਦੀ ਸਾਕੇ ਦੀ 350ਵੀਂ ਵਰ੍ਹੇਗੰਢ ਕਾਰਨ ਸਮਾਂ ਮੰਗਿਆ ਗਿਆ ਸੀ, ਜਿਸ ਨੂੰ ਸਵੀਕਾਰ ਕਰਦੇ ਹੋਏ ਉਨ੍ਹਾਂ ਨੂੰ 5 ਜਨਵਰੀ ਸਵੇਰੇ 10 ਵਜੇ ਨਿੱਜੀ ਤੌਰ ਤੇ ਪੇਸ਼ ਹੋ ਕੇ ਲਿਖਤੀ ਸਪਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ।
