ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਤਲਬ, 15 ਜਨਵਰੀ ਨੂੰ ਨਿੱਜੀ ਤੌਰ ’ਤੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਦੇ ਹੁਕਮ

ਨਿਊਜ਼ ਪੰਜਾਬ

5 ਜਨਵਰੀ 2026

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਤਲਬ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਮੁੱਖ ਮੰਤਰੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਗੋਲਕਾਂ ਬਾਰੇ ਵਾਰ-ਵਾਰ ਦਿੱਤੇ ਗਏ ਬਿਆਨਾਂ ਦੇ ਮਾਮਲੇ ’ਚ 15 ਜਨਵਰੀ ਨੂੰ ਨਿੱਜੀ ਤੌਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ।

ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਅਤੇ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਬਰਗਾੜੀ ਬੇਅਦਬੀ ਮਾਮਲੇ ’ਚ ਪ੍ਰਦੀਪ ਕਲੇਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਸੁਪਰੀਮ ਕੋਰਟ ਵਿੱਚ ਪੇਸ਼ੀ ਦੌਰਾਨ ਪੰਜਾਬ ਸਰਕਾਰ ਵੱਲੋਂ ਕੋਈ ਵਕੀਲ ਹਾਜ਼ਰ ਨਹੀਂ ਹੋਇਆ। ਉਨ੍ਹਾਂ ਯਾਦ ਦਿਵਾਇਆ ਕਿ ਸਪੀਕਰ ਸੰਧਾਵਾ ਵੱਲੋਂ 24 ਘੰਟਿਆਂ ਵਿੱਚ ਇਨਸਾਫ਼ ਦੇਣ ਦੇ ਬਿਆਨ ਦਿੱਤੇ ਗਏ ਸਨ, ਪਰ ਚਾਰ ਸਾਲ ਬੀਤ ਜਾਣ ਬਾਵਜੂਦ ਨਾ ਤਾਂ ਇਨਸਾਫ਼ ਮਿਲਿਆ ਹੈ ਅਤੇ ਨਾ ਹੀ ਮੌੜ ਬੰਬ ਕਾਂਡ ਦੇ ਦੋਸ਼ੀ ਫੜੇ ਗਏ ਹਨ।

ਜਥੇਦਾਰ ਗੜਗੱਜ ਨੇ ਦੱਸਿਆ ਕਿ 2015 ਵਿੱਚ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ 2017 ਦੇ ਮੌੜ ਆਤੰਕੀ ਧਮਾਕੇ (ਜਿਸ ਵਿੱਚ ਪੰਜ ਬੱਚਿਆਂ ਸਮੇਤ ਸੱਤ ਲੋਕਾਂ ਦੀ ਜਾਨ ਗਈ) ਦੇ ਮਾਮਲਿਆਂ ’ਚ ਪੰਜਾਬ ਦੀ ਮੌਜੂਦਾ ਸਰਕਾਰ ਤੋਂ ਸਪੱਸ਼ਟ ਜਵਾਬ ਮੰਗਿਆ ਗਿਆ ਹੈ ਕਿ ਹੁਣ ਤੱਕ ਪੀੜਤਾਂ ਨੂੰ ਇਨਸਾਫ਼ ਕਿਉਂ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਅਦਾਲਤ ਵਿੱਚ ਪ੍ਰਦੀਪ ਕਲੇਰ ਵੱਲੋਂ ਦਿੱਤੇ ਬਿਆਨਾਂ ਅਨੁਸਾਰ ਇਹ ਬੇਅਦਬੀ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਉਸ ਦੀ ਪੈਰੋਕਾਰ ਹਨੀਪ੍ਰੀਤ ਦੇ ਕਹਿਣ ’ਤੇ ਕੀਤੀ ਗਈ ਸੀ, ਜਦਕਿ ਮੌੜ ਬੰਬ ਧਮਾਕੇ ਦੀ ਕੜੀ ਵੀ ਡੇਰੇ ਨਾਲ ਜੁੜਦੀ ਦੱਸੀ ਜਾ ਰਹੀ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ ਸਰਕਾਰ ਨੂੰ ਹੁਕਮ ਦਿੱਤਾ ਹੈ ਕਿ 15 ਜਨਵਰੀ ਨੂੰ ਮੁੱਖ ਮੰਤਰੀ ਨਿੱਜੀ ਤੌਰ ’ਤੇ ਪੇਸ਼ ਹੋ ਕੇ ਇਨ੍ਹਾਂ ਸਾਰੇ ਮਾਮਲਿਆਂ ’ਤੇ ਆਪਣਾ ਸਪੱਸ਼ਟ ਪੱਖ ਰੱਖਣ।