ਪੰਜਾਬ’ਚ ਸੰਘਣੀ ਧੁੰਦ ਤੇ ਸੀਤ ਲਹਿਰ ਦਾ ਕਹਿਰ, ਬਠਿੰਡਾ ਸਭ ਤੋਂ ਠੰਢਾ,ਸੰਘਣੀ ਧੁੰਦ ਨਾਲ ਜੀਵਨ ਪ੍ਰਭਾਵਿਤ, ਓਰੇਂਜ ਅਲਰਟ ਜਾਰੀ

ਨਿਊਜ਼ ਪੰਜਾਬ

7 ਜਨਵਰੀ 2026

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਅੱਜ (ਬੁੱਧਵਾਰ) ਨੂੰ ਸੰਘਣੀ ਧੁੰਦ ਅਤੇ ਚਾਰ ਜ਼ਿਲ੍ਹਿਆਂ ਵਿੱਚ ਸੀਤ ਲਹਿਰ ਦੀ ਸਥਿਤੀ ਬਣਨ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਮੋਹਾਲੀ, ਨਵਾਂਸ਼ਹਿਰ, ਰੂਪਨਗਰ ਅਤੇ ਪਟਿਆਲਾ ਵਿੱਚ ਕੋਲਡ ਡੇ ਦੀ ਸਥਿਤੀ ਬਣ ਸਕਦੀ ਹੈ। ਪਿਛਲੇ 24 ਘੰਟਿਆਂ ਦੌਰਾਨ ਰਾਜ ਭਰ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਲਗਭਗ ਦੋ ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜੋ ਆਮ ਨਾਲੋਂ ਤਿੰਨ ਡਿਗਰੀ ਘੱਟ ਹੈ, ਜਦਕਿ ਰਾਤ ਦੇ ਤਾਪਮਾਨ ਵਿੱਚ ਵੀ ਲਗਾਤਾਰ ਕਮੀ ਆ ਰਹੀ ਹੈ। ਬਠਿੰਡਾ ਵਿੱਚ ਸਭ ਤੋਂ ਘੱਟ ਤਾਪਮਾਨ 4.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ, ਹਾਲਾਂਕਿ ਮੌਸਮ ਖੁਸ਼ਕ ਬਣਿਆ ਰਹੇਗਾ।

ਇਸ ਦੌਰਾਨ ਵਿਜ਼ੀਬਿਲਟੀ ਵਿੱਚ ਭਾਰੀ ਗਿਰਾਵਟ ਦੇਖਣ ਨੂੰ ਮਿਲੀ ਹੈ, ਜਿੱਥੇ ਅੰਮ੍ਰਿਤਸਰ ਅਤੇ ਹਲਵਾਰਾ ਵਿੱਚ ਵਿਜ਼ੀਬਿਲਟੀ ਜ਼ੀਰੋ, ਬੱਲੋਵਾਲ ਸੌਂਖੜੀ ਵਿੱਚ 10 ਮੀਟਰ ਅਤੇ ਬਠਿੰਡਾ ਵਿੱਚ 150 ਮੀਟਰ ਦਰਜ ਕੀਤੀ ਗਈ। ਮੌਸਮ ਵਿਭਾਗ ਮੁਤਾਬਕ ਅੱਜ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ, ਜਦਕਿ ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਮਾਨਸਾ, ਸੰਗਰੂਰ, ਰੂਪਨਗਰ, ਐਸਏਐਸ ਨਗਰ (ਮੋਹਾਲੀ) ਅਤੇ ਮਲੇਰਕੋਟਲਾ ਵਿੱਚ ਕੁਝ ਥਾਵਾਂ ’ਤੇ ਸੰਘਣੀ ਧੁੰਦ ਰਹਿ ਸਕਦੀ ਹੈ, ਜਿਸ ਨਾਲ ਆਵਾਜਾਈ ਅਤੇ ਜਨ ਜੀਵਨ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ।