ਨਿਊਜ਼ ਪੰਜਾਬ
8 ਜਨਵਰੀ 2026
ਪੰਜਾਬ ਦੇ ਸਿਆਸੀ ਜਗਤ ਵਿੱਚ ਇਸ ਵੇਲੇ ਵੱਡੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਇਸ ਦਰਮਿਆਨ ਇੱਕ ਅਹਿਮ ਰਾਜਨੀਤਿਕ ਖ਼ਬਰ ਸਾਹਮਣੇ ਆਈ ਹੈ, ਜਿਸ ਨਾਲ ਸਿਆਸਤ ਗਰਮਾ ਗਈ ਹੈ। ਆਮ ਆਦਮੀ ਪਾਰਟੀ (AAP) ਦੇ ਚੱਬੇਵਾਲ ਵਿਧਾਨ ਸਭਾ ਹਲਕੇ ਤੋਂ ਸੀਨੀਅਰ ਨੇਤਾ ਅਤੇ ਹਲਕਾ ਇੰਚਾਰਜ ਰਹੇ ਹਰਮਿੰਦਰ ਸਿੰਘ ਸੰਧੂ ਨੇ ਬੀਤੇ ਦਿਨੀਂ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਸੀ। ਹੁਣ ਉਹ ਸਰਕਾਰੀ ਤੌਰ ’ਤੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ।
ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਹਰਮਿੰਦਰ ਸਿੰਘ ਸੰਧੂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ ਅਤੇ ਤਸਵੀਰਾਂ ਸਾਂਝੀਆਂ ਕਰਦਿਆਂ ਕਿਹਾ ਕਿ ਚੱਬੇਵਾਲ ਦੇ ਨੌਜਵਾਨ ਅਤੇ ਸੰਘਰਸ਼ੀ ਆਗੂ ਦੇ ਸ਼ਾਮਲ ਹੋਣ ਨਾਲ ਪਾਰਟੀ ਨੂੰ ਵੱਡੀ ਤਾਕਤ ਮਿਲੇਗੀ। ਜ਼ਿਕਰਯੋਗ ਹੈ ਕਿ ਹਰਮਿੰਦਰ ਸਿੰਘ ਸੰਧੂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ AAP ਦੀ ਟਿਕਟ ’ਤੇ ਚੱਬੇਵਾਲ ਸੀਟ ਤੋਂ ਚੋਣ ਲੜੀ ਸੀ ਅਤੇ ਲਗਭਗ 40 ਹਜ਼ਾਰ ਵੋਟਾਂ ਹਾਸਲ ਕੀਤੀਆਂ ਸਨ। ਪਾਰਟੀ ਦੀ ਜ਼ਿਲ੍ਹਾ ਜਥੇਬੰਦੀ ਦੀ ਸਿਫਾਰਸ਼ ’ਤੇ ਉਨ੍ਹਾਂ ਨੂੰ ਮੁੜ ਚੱਬੇਵਾਲ ਵਿਧਾਨ ਸਭਾ ਸੀਟ ਦਾ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਜਿਸ ਨਾਲ ਅਕਾਲੀ ਦਲ ਨੂੰ ਸਿਆਸੀ ਤੌਰ ’ਤੇ ਹੋਰ ਮਜ਼ਬੂਤੀ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ।
