ਨਿਊਜ਼ ਪੰਜਾਬ
9 ਜਨਵਰੀ 2026
ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਸੂਬੇ ਦੇ ਸਿਹਤ, ਸਿੱਖਿਆ ਅਤੇ ਬੁਨਿਆਦੀ ਢਾਂਚੇ ਨਾਲ ਜੁੜੇ ਕਈ ਅਹੰਮ ਫੈਸਲੇ ਲਏ ਗਏ। ਕੈਬਨਿਟ ਨੇ ਲਹਿਰਾਗਾਗਾ ਸਥਿਤ ਬਾਬਾ ਹੀਰਾ ਸਿੰਘ ਭੱਠਲ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਵਿੱਚ ਇੱਕ ਨਵਾਂ ਮੈਡੀਕਲ ਕਾਲਜ ਸਥਾਪਤ ਕਰਨ ਨੂੰ ਮਨਜ਼ੂਰੀ ਦਿੱਤੀ, ਜਿੱਥੇ ਪਹਿਲੇ ਚਰਨ ਵਿੱਚ 100 MBBS ਸੀਟਾਂ ਹੋਣਗੀਆਂ। ਇਸ ਨਾਲ ਮਾਲਵਾ ਖੇਤਰ ਦੇ ਲਗਭਗ 150 ਕਿਲੋਮੀਟਰ ਇਲਾਕੇ ਨੂੰ ਬਿਹਤਰ ਸਿਹਤ ਸਹੂਲਤਾਂ ਮਿਲਣਗੀਆਂ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਲੰਮੇ ਸਮੇਂ ਤੋਂ ਬੰਦ ਪਏ ਇਸ ਇੰਸਟੀਚਿਊਟ ਵਿੱਚ ਕੰਮ ਕਰਦੇ ਟੀਚਿੰਗ ਸਟਾਫ਼ ਨੂੰ ਹੋਰ ਵਿਭਾਗਾਂ ਵਿੱਚ ਤਾਇਨਾਤ ਕੀਤਾ ਜਾਵੇਗਾ ਅਤੇ ਇੱਥੇ 220 ਬਿਸਤਰਿਆਂ ਵਾਲਾ ਹਸਪਤਾਲ ਸ਼ੁਰੂ ਕਰਕੇ ਅੱਗੇ ਚਲ ਕੇ ਇਸਨੂੰ 421 ਬਿਸਤਰਿਆਂ ਤੱਕ ਵਧਾਇਆ ਜਾਵੇਗਾ।
ਇਸ ਤੋਂ ਇਲਾਵਾ, ਕੈਬਨਿਟ ਨੇ ਲੁਧਿਆਣਾ ਤੋਂ ਰੋਪੜ ਤੱਕ ਰਾਸ਼ਟਰੀ ਰਾਜਮਾਰਗ ਦੀ ਉਸਾਰੀ ਲਈ NHAI ਨੂੰ ਮਿੱਟੀ ਮੁਹੱਈਆ ਕਰਵਾਉਣ ਦਾ ਫੈਸਲਾ ਕੀਤਾ, ਤਾਂ ਜੋ ਰੁਕਿਆ ਹੋਇਆ ਪ੍ਰੋਜੈਕਟ ਮੁੜ ਰਫ਼ਤਾਰ ਫੜ ਸਕੇ। ਨਾਲ ਹੀ GMADA ਦੇ ਅਧੀਨ ਆਉਂਦੇ ਰਿਹਾਇਸ਼ੀ, ਵਪਾਰਕ ਅਤੇ ਉਦਯੋਗਿਕ ਪਲਾਟਾਂ ਦੀਆਂ ਦਰਾਂ ਵਿੱਚ 22.5 ਫੀਸਦੀ ਕਟੌਤੀ ਕਰਨ ਨੂੰ ਵੀ ਮਨਜ਼ੂਰੀ ਦਿੱਤੀ ਗਈ, ਜਿਸ ਨਾਲ ਨਿਵੇਸ਼ ਨੂੰ ਉਤਸ਼ਾਹ ਮਿਲੇਗਾ। ਕੈਬਨਿਟ ਨੇ ਪੰਜਾਬ ਪ੍ਰਾਈਵੇਟ ਡਿਜੀਟਲ ਓਪਨ ਯੂਨੀਵਰਸਿਟੀ ਨੀਤੀ ਨੂੰ ਵੀ ਹਰੀ ਝੰਡੀ ਦਿੱਤੀ, ਜਿਸਨੂੰ ਸਿੱਖਿਆ ਖੇਤਰ ਵਿੱਚ ਇੱਕ ਇਨਕਲਾਬੀ ਕਦਮ ਮੰਨਿਆ ਜਾ ਰਿਹਾ ਹੈ।
