ਨਿਊਜ਼ ਪੰਜਾਬ
10 ਜਨਵਰੀ 2026
ਆਰਟੀਫੀਸ਼ਲ ਇੰਟੈਲੀਜੈਂਸ (ਏਆਈ) ਤਕਨੀਕ ਦੀ ਦੁਰਵਰਤੋਂ ਕਰਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਗਲਤ ਤਸਵੀਰ ਤਿਆਰ ਕਰਕੇ ਸੋਸ਼ਲ ਮੀਡੀਆ ’ਤੇ ਪੋਸਟ ਕਰਨ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਈਬਰ ਕਰਾਈਮ ਸੈੱਲ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਸਕੱਤਰ ਪ੍ਰਤਾਪ ਸਿੰਘ ਵੱਲੋਂ ਦਿੱਤੀ ਗਈ ਸ਼ਿਕਾਇਤ ਵਿੱਚ ਦੋਸ਼ੀ ਦੀ ਪਛਾਣ ਕਰਕੇ ਉਸ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ ਹੈ। ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖ ਕੌਮ ਦਾ ਕੇਂਦਰੀ ਧਾਰਮਿਕ ਅਸਥਾਨ ਹੈ, ਜਿੱਥੋਂ ਸਾਰੀ ਮਨੁੱਖਤਾ ਨੂੰ ਭਾਈਚਾਰੇ ਅਤੇ ਸਰਬਸਾਂਝੀਵਾਲਤਾ ਦਾ ਸੰਦੇਸ਼ ਮਿਲਦਾ ਹੈ, ਅਤੇ ਇਸ ਪਾਵਨ ਅਸਥਾਨ ਨਾਲ ਛੇੜਛਾੜ ਕਰਦੀਆਂ ਗਲਤ ਤਸਵੀਰਾਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚਾਉਂਦੀਆਂ ਹਨ।
ਸ਼੍ਰੋਮਣੀ ਕਮੇਟੀ ਸਕੱਤਰ ਨੇ ਕਿਹਾ ਕਿ ਇਹ ਬੇਹੱਦ ਸੰਜੀਦਾ ਤੇ ਗੰਭੀਰ ਮਾਮਲਾ ਹੈ, ਜਿਸ ਦੇ ਦੋਸ਼ੀ ਖਿਲਾਫ਼ ਮਿਸਾਲੀ ਕਾਰਵਾਈ ਹੋਣੀ ਚਾਹੀਦੀ ਹੈ, ਤਾਂ ਜੋ ਅੱਗੇ ਤੋਂ ਕੋਈ ਅਜਿਹੀ ਹਰਕਤ ਕਰਨ ਦੀ ਜ਼ੁਰੱਅਤ ਨਾ ਕਰੇ। ਉਨ੍ਹਾਂ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਅਜਿਹੀਆਂ ਪੋਸਟਾਂ ਨੂੰ ਸ਼ੇਅਰ ਨਾ ਕੀਤਾ ਜਾਵੇ ਅਤੇ ਨਾ ਹੀ ਇਸ ’ਤੇ ਕੁਮੈਂਟ ਕੀਤੇ ਜਾਣੇ, ਸਗੋਂ ਅਜਿਹੇ ਸੋਸ਼ਲ ਮੀਡੀਆ ਖਾਤਿਆਂ ਦੀ ਰਿਪੋਰਟ ਕਰਕੇ ਉਨ੍ਹਾਂ ਨੂੰ ਬੰਦ ਕਰਵਾਉਣ ਲਈ ਸਹਿਯੋਗ ਕੀਤਾ ਜਾਵੇ।
