ਨਿਊਜ਼ ਪੰਜਾਬ
15 ਜਨਵਰੀ 2026
ਮਾਘੀ ਜੋੜ ਮੇਲੇ ਦੇ ਆਖਰੀ ਦਿਨ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਤੋਂ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਦੀ ਰਵਾਨਗੀ ਹੋਈ। ਰਵਾਨਗੀ ਤੋਂ ਪਹਿਲਾਂ ਹੈਡ ਗ੍ਰੰਥੀ ਭਾਈ ਜਗਬੀਰ ਸਿੰਘ ਵਲੋਂ ਅਰਦਾਸ ਕੀਤੀ ਗਈ।
ਇਹ ਨਗਰ ਕੀਰਤਨ ਵੱਖ-ਵੱਖ ਬਜ਼ਾਰਾਂ ਵਿਚੋਂ ਹੁੰਦਾ ਹੋਇਆ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਪਹੁੰਚੇਗਾ ਅਤੇ ਇਥੋਂ ਗੁਰਦੁਆਰਾ ਦਾਤਨਸਰ ਸਾਹਿਬ ਹੁੰਦਾ ਹੋਇਆ ਵਾਪਸ ਸ਼ਾਮ ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਸਮਾਪਤ ਹੋਵੇਗਾ।

ਵੱਡੀ ਗਿਣਤੀ ਵਿੱਚ ਸੰਗਤਾਂ ‘ਸਤਿਨਾਮ ਵਾਹਿਗੁਰੂ’ ਦਾ ਜਾਪ ਕਰਦੀਆਂ ਹੋਈਆਂ ਨਗਰ ਕੀਰਤਨ ਨਾਲ ਚੱਲ ਰਹੀਆਂ ਹਨ। ਸੰਗਤਾਂ ਵਲੋਂ 40 ਮੁਕਤਿਆਂ ਨੂੰ ਸਿਜਦਾ ਕਰਕੇ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੱਥਾ ਟੇਕ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ।
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨਿਰਮਲਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਬਿਜੇ ਸਿੰਘ ਬਾਦੀਆਂ, ਜਰਨੈਲ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ। ਭੁਝੰਗੀ ਸਿੰਘਾਂ ਵਲੋਂ ਗਤਕੇ ਦੇ ਜੌਹਰ ਵਿਖਾਏ ਗਏ ਅਤੇ ਦੋ ਸਿੰਘ ਨਗਰ ਕੀਰਤਨ ਨਾਲ ਬਾਜ ਲੈ ਕੇ ਚੱਲ ਰਹੇ ਸਨ। ਸ਼ਹਿਰ ਦੇ ਵੱਖ-ਵੱਖ ਸਥਾਨਾਂ ‘ਤੇ ਸੰਗਤ ਲਈ ਲੰਗਰ ਵੀ ਲਗਾਏ ਗਏ।
