ਨਿਊਜ਼ ਪੰਜਾਬ
20 ਜਨਵਰੀ 2026
ਗੁਰਦਾਸਪੁਰ ਤੋਂ ਅਹਿਮ ਖ਼ਬਰ ਸਾਹਮਣੇ ਆਈ ਹੈ, ਜਿੱਥੇ ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਜ਼ਿਲ੍ਹਾ ਟਾਊਨ ਪਲਾਨਰ ਗੁਰਦਾਸਪੁਰ ਰਿਤਿਕਾ ਅਰੋੜਾ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਅਧੀਨ ਯੂਨਿਟ ਗੁਰਦਾਸਪੁਰ ਵੱਲੋਂ ਕੀਤੀ ਗਈ ਇਸ ਕਾਰਵਾਈ ਦੌਰਾਨ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਦੋਸ਼ੀ ਅਧਿਕਾਰੀ ਦੇ ਦਫ਼ਤਰ ਤੋਂ ਰਿਸ਼ਵਤ ਦੀ ਰਕਮ ਬਰਾਮਦ ਕੀਤੀ ਗਈ।
ਇਹ ਮਾਮਲਾ ਸ਼ਿਕਾਇਤਕਰਤਾ ਗੁਰਜੀਤ ਸਿੰਘ ਵੱਲੋਂ ਦਰਜ ਕਰਵਾਇਆ ਗਿਆ ਸੀ, ਜਿਸ ਵਿੱਚ ਦੋਸ਼ ਲਗਾਇਆ ਗਿਆ ਕਿ ਪਲਾਟਾਂ ਦੀ ਮਨਜ਼ੂਰੀ ਦੇ ਬਦਲੇ ਪ੍ਰਤੀ ਪਲਾਟ 1 ਲੱਖ ਰੁਪਏ ਦੀ ਮੰਗ ਕੀਤੀ ਗਈ। ਇਸ ਸਬੰਧੀ ਵਿਜੀਲੈਂਸ ਥਾਣਾ ਰੇਂਜ ਅੰਮ੍ਰਿਤਸਰ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਐਫਆਈਆਰ ਦਰਜ ਕਰ ਲਈ ਗਈ ਹੈ ਅਤੇ ਮਾਮਲੇ ਦੀ ਅੱਗੇ ਦੀ ਜਾਂਚ ਜਾਰੀ ਹੈ ਅਤੇ ਦੋਸ਼ੀ ਨੂੰ ਅੱਜ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
