ਗਣਤੰਤਰ ਦਿਵਸ ਤੋਂ ਪਹਿਲਾਂ ਵੱਡੀ ਕਾਰਵਾਈ, ਹੁਸ਼ਿਆਰਪੁਰ ਪੁਲਿਸ ਨੇ ਬੱਬਰ ਖਾਲਸਾ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼, 2.5 ਕਿਲੋ ਆਰਡੀਐਕਸ ਸਮੇਤ 4 ਗ੍ਰਿਫ਼ਤਾਰ

ਨਿਊਜ਼ ਪੰਜਾਬ

24 ਜਨਵਰੀ 2026

ਗਣਤੰਤਰ ਦਿਵਸ ਦੇ ਮੱਦੇਨਜ਼ਰ ਸੁਰੱਖਿਆ ਏਜੰਸੀਆਂ ਨੂੰ ਮਿਲੀ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਹੁਸ਼ਿਆਰਪੁਰ ਪੁਲਿਸ ਨੇ ਕਾਊਂਟਰ ਇੰਟੈਲੀਜੈਂਸ ਜਲੰਧਰ ਨਾਲ ਮਿਲ ਕੇ ਵੱਡੀ ਕਾਰਵਾਈ ਕਰਦਿਆਂ ਪਾਕਿਸਤਾਨੀ ਆਈਐੱਸਆਈ ਸਮਰਥਿਤ ਅਤੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜੇ ਇੱਕ ਖ਼ਤਰਨਾਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਸਾਂਝੇ ਆਪ੍ਰੇਸ਼ਨ ਦੌਰਾਨ ਪੁਲਿਸ ਨੇ ਐਸਬੀਐਸ ਨਗਰ ਦੇ ਰਹਿਣ ਵਾਲੇ ਚਾਰ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕਰਦੇ ਹੋਏ ਉਨ੍ਹਾਂ ਦੇ ਕਬਜ਼ੇ ਵਿਚੋਂ ਲਗਭਗ 2.5 ਕਿਲੋ ਵਜ਼ਨ ਵਾਲਾ ਆਰਡੀਐਕਸ-ਅਧਾਰਤ ਇਮਪ੍ਰੋਵਾਈਜ਼ਡ ਵਿਸਫੋਟਕ ਡਿਵਾਈਸ ਅਤੇ ਦੋ ਪਿਸਤੌਲ ਬਰਾਮਦ ਕੀਤੇ ਹਨ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦਿਲਜੋਤ ਸਿੰਘ, ਹਰਮਨ ਸਿੰਘ ਉਰਫ਼ ਹੈਰੀ ਉਰਫ਼ ਹਰੀ, ਅਜੈ ਉਰਫ਼ ਮਹਿਰਾ ਅਤੇ ਅਰਸ਼ਦੀਪ ਸਿੰਘ ਉਰਫ਼ ਅਰਸ਼ ਕੰਡੋਲਾ ਵਜੋਂ ਹੋਈ ਹੈ, ਇਹ ਸਾਰੇ ਐਸ.ਬੀ.ਐਸ. ਨਗਰ ਦੇ ਰਾਹੋਂ ਦੇ ਰਹਿਣ ਵਾਲੇ ਹਨ।

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਖੁਲਾਸਾ ਕੀਤਾ ਕਿ ਮੁੱਢਲੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਇਹ ਮਾਡਿਊਲ ਵਿਦੇਸ਼ੀ ਅਧਾਰਤ ਬੀਕੇਆਈ ਹੈਂਡਲਰਾਂ ਵੱਲੋਂ ਚਲਾਇਆ ਜਾ ਰਿਹਾ ਸੀ ਅਤੇ ਬਰਾਮਦ ਆਈਈਡੀ ਨੂੰ ਆਉਣ ਵਾਲੇ ਗਣਤੰਤਰ ਦਿਵਸ ਦੇ ਜਸ਼ਨਾਂ ਦੌਰਾਨ ਕਿਸੇ ਵੱਡੇ ਅੱਤਵਾਦੀ ਹਮਲੇ ਲਈ ਵਰਤਣ ਦੀ ਸਾਜ਼ਿਸ਼ ਰਚੀ ਗਈ ਸੀ, ਜਿਸਨੂੰ ਸਮੇਂ ਸਿਰ ਨਾਕਾਮ ਕਰ ਦਿੱਤਾ ਗਿਆ ਹੈ।