ਨਿਊਜ਼ ਪੰਜਾਬ
27 ਜਨਵਰੀ 2026
ਪੰਜਾਬ ਪੁਲਿਸ ਨੇ ਗੈਂਗਸਟਰ ਗੋਲਡੀ ਬਰਾੜ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਉਸਦੇ ਮਾਤਾ-ਪਿਤਾ ਨੂੰ ਗ੍ਰਿਫ਼ਤਾਰ ਕੀਤਾ ਹੈ। ਸ਼੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਕੀਤੀ ਗਈ ਇਸ ਕਾਰਵਾਈ ਦੌਰਾਨ ਗੋਲਡੀ ਬਰਾੜ ਦੇ ਪਿਤਾ ਸ਼ਮਸ਼ੇਰ ਸਿੰਘ ਅਤੇ ਮਾਤਾ ਪ੍ਰੀਤਪਾਲ ਕੌਰ ਨੂੰ ਅੰਮ੍ਰਿਤਸਰ ਤੋਂ ਕਾਬੂ ਕੀਤਾ ਗਿਆ। ਦੋਵੇਂ ਨੂੰ ਥਾਣਾ ਸਦਰ, ਸ਼੍ਰੀ ਮੁਕਤਸਰ ਸਾਹਿਬ ਵਿੱਚ ਦਰਜ ਇੱਕ ਜਬਰਨ ਵਸੂਲੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।
ਪੁਲਿਸ ਮੁਤਾਬਕ ਇਹ ਐਫਆਈਆਰ 3 ਦਸੰਬਰ 2024 ਨੂੰ ਦਰਜ ਹੋਈ ਸੀ, ਜਿਸ ਵਿੱਚ ਭਾਰਤੀ ਨਿਆਏ ਸੰਹਿਤਾ ਦੀਆਂ ਧਾਰਾਵਾਂ 308(4), 351(1) ਅਤੇ 351(3) ਤਹਿਤ ਮਾਮਲਾ ਦਰਜ ਹੈ। ਸ਼ਿਕਾਇਤਕਰਤਾ, ਜੋ ਪਿਛਲੇ 33 ਸਾਲਾਂ ਤੋਂ ਸਿੱਖਿਆ ਵਿਭਾਗ ਵਿੱਚ ਸੇਵਾ ਨਿਭਾ ਰਿਹਾ ਹੈ, ਨੇ ਦੋਸ਼ ਲਗਾਇਆ ਕਿ ਉਸਨੂੰ ਸਕੂਲ ਵਿੱਚ ਡਿਊਟੀ ਦੌਰਾਨ ਇੱਕ ਅੰਤਰਰਾਸ਼ਟਰੀ ਨੰਬਰ ਤੋਂ ਵਟਸਐਪ ਕਾਲ ਆਈ, ਜਿਸ ਵਿੱਚ ਕਾਲ ਕਰਨ ਵਾਲੇ ਨੇ ਆਪਣੇ ਆਪ ਨੂੰ ਬੰਬੀਹਾ ਗਰੁੱਪ ਨਾਲ ਜੁੜਿਆ ਦੱਸਦੇ ਹੋਏ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ।
