ਨਿਊਜ਼ ਪੰਜਾਬ
27 ਜਨਵਰੀ 2026
ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਖਮਾਣੋਂ ਤੋਂ ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ 19 ਸਾਲਾ ਨੌਜਵਾਨ ਮਾਨਵਿੰਦਰ ਸਿੰਘ ਦਾ ਉਸ ਦੇ ਹੀ ਦੋਸਤਾਂ ਵੱਲੋਂ ਤੇਜ਼ਧਾਰ ਹਥਿਆਰ ਕਿਰਚਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਖਮਾਣੋਂ ਦੇ ਇੱਕ ਨਿੱਜੀ ਸਕੂਲ ਵਿੱਚ ਪੜ੍ਹਦਾ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਕਿਸੇ ਮਾਮੂਲੀ ਗੱਲ ਨੂੰ ਲੈ ਕੇ ਹੋਈ ਤਕਰਾਰ ਤੋਂ ਬਾਅਦ ਦੋਸਤਾਂ ਨੇ ਮਾਨਵਿੰਦਰ ਸਿੰਘ ’ਤੇ ਕਿਰਚਾਂ ਨਾਲ ਹਮਲਾ ਕਰ ਦਿੱਤਾ, ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਵਾਰਦਾਤ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਮ੍ਰਿਤਕ ਦੇ ਚਾਚਾ ਸੁਰਿੰਦਰ ਸਿੰਘ ਨੇ ਦੱਸਿਆ ਕਿ ਰੌਲਾ ਪੈਣ ਦੀ ਆਵਾਜ਼ ਸੁਣ ਕੇ ਜਦੋਂ ਉਹ ਘਟਨਾ ਸਥਾਨ ’ਤੇ ਪਹੁੰਚੇ ਤਾਂ ਉਨ੍ਹਾਂ ਨੇ ਆਪਣੇ ਭਤੀਜੇ ਨੂੰ ਖੂਨ ਨਾਲ ਲਥਪਥ ਹਾਲਤ ਵਿੱਚ ਪਾਇਆ। ਉਧਰ, ਥਾਣਾ ਖਮਾਣੋਂ ਦੀ ਪੁਲਿਸ ਨੇ ਭਾਵੇਂ ਮੀਡੀਆ ਸਾਹਮਣੇ ਟਿੱਪਣੀ ਕਰਨ ਤੋਂ ਇਨਕਾਰ ਕੀਤਾ ਹੈ, ਪਰ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
