ਨਿਊਜ਼ ਪੰਜਾਬ
27 ਜਨਵਰੀ 2026
ਸੁਪਰੀਮ ਕੋਰਟ ਨੇ ਦਿੱਲੀ ਵਿੱਚ ਨਿੱਜੀ ਸਕੂਲਾਂ ਵੱਲੋਂ ਵਸੂਲ ਕੀਤੀਆਂ ਜਾਣ ਵਾਲੀਆਂ ਫ਼ੀਸਾਂ ਦੇ ਨਿਯਮਨ ਨਾਲ ਜੁੜੇ ਵਿਵਾਦ ਦੀ ਸੁਣਵਾਈ 2 ਫਰਵਰੀ ਤੱਕ ਮੁਲਤਵੀ ਕਰ ਦਿੱਤੀ ਹੈ। ਦਿੱਲੀ ਸਰਕਾਰ ਵੱਲੋਂ ਪੇਸ਼ ਹੋਏ ਵਧੀਕ ਸਾਲਿਸਿਟਰ ਜਨਰਲ ਨੇ ਅਦਾਲਤ ਨੂੰ ਜਾਣਕਾਰੀ ਦਿੱਤੀ ਕਿ ਇਸ ਮਾਮਲੇ ’ਤੇ ਅਧਿਕਾਰੀਆਂ ਦੀ ਇਕ ਮੀਟਿੰਗ ਪਹਿਲਾਂ ਹੀ ਹੋ ਚੁੱਕੀ ਹੈ ਅਤੇ ਮੁੱਦੇ ’ਤੇ ਹੋਰ ਵਿਚਾਰ ਲਈ ਜਲਦ ਇਕ ਹੋਰ ਮੀਟਿੰਗ ਕੀਤੀ ਜਾਵੇਗੀ। ਇਹ ਮਾਮਲਾ ਉਸ ਸਰਕਾਰੀ ਨੋਟੀਫਿਕੇਸ਼ਨ ਤੋਂ ਉੱਠਿਆ ਹੈ, ਜਿਸ ਅਧੀਨ ਨਿੱਜੀ ਸਕੂਲਾਂ ਨੂੰ ਆਪਣਾ ਫ਼ੀਸ ਢਾਂਚਾ ਤੈਅ ਕਰਨ ਲਈ ਕਮੇਟੀਆਂ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਨਵੇਂ ਨਿਯਮਾਂ ਮੁਤਾਬਕ ਇਨ੍ਹਾਂ ਕਮੇਟੀਆਂ ਵਿੱਚ ਸਕੂਲ ਪ੍ਰਬੰਧਨ, ਸਰਕਾਰ ਅਤੇ ਮਾਪਿਆਂ ਦੇ ਪ੍ਰਤੀਨਿਧ ਸ਼ਾਮਲ ਹੋਣਗੇ। ਦਿੱਲੀ ਹਾਈ ਕੋਰਟ ਵੱਲੋਂ ਨੋਟੀਫਿਕੇਸ਼ਨ ’ਤੇ ਰੋਕ ਲਗਾਉਣ ਤੋਂ ਇਨਕਾਰ ਕਰਨ ਤੋਂ ਬਾਅਦ ਨਿੱਜੀ ਸਕੂਲਾਂ ਨੇ ਇਸ ਮਾਮਲੇ ਨੂੰ ਚੁਣੌਤੀ ਦਿੰਦਿਆਂ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ।
