ਨਿਊਜ਼ ਪੰਜਾਬ
28 ਜਨਵਰੀ 2026
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਬੁੱਧਵਾਰ ਸਵੇਰੇ ਹੁਸ਼ਿਆਰਪੁਰ ਵਿੱਚ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਨੇਤਾ ਸੁੰਦਰ ਸ਼ਿਆਮ ਅਰੋੜਾ ਦੇ ਘਰ ਛਾਪੇਮਾਰੀ ਕੀਤੀ। ਮੀਡੀਆ ਰਿਪੋਰਟਾਂ ਮੁਤਾਬਕ ਇਹ ਕਾਰਵਾਈ ਅਰੋੜਾ ਉੱਤੇ ਲੱਗੇ ਕਥਿਤ ਵਿੱਤੀ ਗਬਨ ਅਤੇ ਮਨੀ ਲਾਂਡਰਿੰਗ ਦੇ ਮਾਮਲਿਆਂ ਨਾਲ ਜੁੜੀ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਉਦਯੋਗ ਮੰਤਰੀ ਰਹਿੰਦੇ ਹੋਏ ਉਨ੍ਹਾਂ ਵੱਲੋਂ ਲਏ ਗਏ ਕੁਝ ਫੈਸਲਿਆਂ ਰਾਹੀਂ ਨਿੱਜੀ ਕੰਪਨੀਆਂ ਨੂੰ ਗਲਤ ਤਰੀਕੇ ਨਾਲ ਲਾਭ ਪਹੁੰਚਾਇਆ ਗਿਆ। ਛਾਪੇ ਦੌਰਾਨ ਅਧਿਕਾਰੀਆਂ ਨੇ ਘਰ ਦੇ ਸਾਰੇ ਪ੍ਰਵੇਸ਼ ਦੁਆਰ ਸੀਲ ਕਰ ਦਿੱਤੇ, ਮੋਬਾਈਲ ਫੋਨ ਅਤੇ ਹੋਰ ਇਲੈਕਟ੍ਰਾਨਿਕ ਉਪਕਰਨ ਜ਼ਬਤ ਕਰਕੇ ਜਾਂਚ ਕੀਤੀ ਜਾ ਰਹੀ ਹੈ। ਕਾਬਿਲੇਗੌਰ ਹੈ ਕਿ ਸੁੰਦਰ ਸ਼ਿਆਮ ਅਰੋੜਾ ਪਹਿਲਾਂ ਹੀ ਉਦਯੋਗਿਕ ਪਲਾਟਾਂ ਦੀ ਅਲਾਟਮੈਂਟ ਵਿੱਚ ਬੇਨਿਯਮੀਆਂ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਦੋ ਗੰਭੀਰ ਭ੍ਰਿਸ਼ਟਾਚਾਰ ਮਾਮਲਿਆਂ ਵਿੱਚ ਘਿਰੇ ਹੋਏ ਹਨ ਅਤੇ ਪਹਿਲਾਂ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਵੀ ਕੀਤੇ ਜਾ ਚੁੱਕੇ ਹਨ।
