ਗੁਰਦਾਸਪੁਰ ਪੁਲਿਸ ਦੀ ਵੱਡੀ ਕਾਰਵਾਈ: 11 ਕਿਲੋ ਹੈਰੋਇਨ ਤੇ 5.75 ਲੱਖ ਡਰੱਗ ਮਨੀ ਸਮੇਤ ਦੋ ਨਸ਼ਾ ਨੈੱਟਵਰਕਾਂ ਦੇ 2 ਮੁਲਜ਼ਮ ਗ੍ਰਿਫ਼ਤਾਰ — ਡੀਜੀਪੀ ਗੌਰਵ ਯਾਦਵ

ਨਿਊਜ਼ ਪੰਜਾਬ

8 ਫ਼ਰਵਰੀ 2026

ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਗੁਰਦਾਸਪੁਰ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਦੋ ਸੰਗਠਿਤ ਨਸ਼ਾ ਤਸਕਰੀ ਨੈੱਟਵਰਕਾਂ ਦੇ ਦੋ ਕਾਰਕੂੰਨਾਂ ਨੂੰ 11 ਕਿਲੋ ਹੈਰੋਇਨ ਅਤੇ 5.75 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿੱਚ ਉੱਤਰ ਪ੍ਰਦੇਸ਼ ਦੇ ਮੁਜ਼ੱਫ਼ਰਨਗਰ ਜ਼ਿਲ੍ਹੇ ਦੇ ਕਾਸਿਮਪੁਰ ਦਾ ਰਹਿਣ ਵਾਲਾ ਮੁਹੰਮਦ ਵਸੀਮ ਅਤੇ ਅੰਮ੍ਰਿਤਸਰ ਦਾ ਵਸਨੀਕ ਹਰਸ਼ਦੀਪ ਸਿੰਘ ਉਰਫ਼ ਹਰਸ਼ ਸ਼ਾਮਲ ਹਨ। ਪੁਲਿਸ ਨੇ ਨਸ਼ੀਲੇ ਪਦਾਰਥਾਂ ਦੇ ਨਾਲ-ਨਾਲ 3.5 ਲੱਖ ਅਤੇ 2.25 ਲੱਖ ਰੁਪਏ ਦੀ ਡਰੱਗ ਮਨੀ ਅਤੇ ਤਸਕਰੀ ਵਿੱਚ ਵਰਤੀਆਂ ਜਾ ਰਹੀਆਂ ਹੌਂਡਾ ਸਿਟੀ ਤੇ ਹੁੰਡਈ ਵਰਨਾ ਕਾਰਾਂ ਵੀ ਜ਼ਬਤ ਕੀਤੀਆਂ ਹਨ। ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਦੋਸ਼ੀ ਭਾਰਤ ਵਿੱਚ ਮੌਜੂਦ ਆਪਣੇ ਹੈਂਡਲਰਾਂ ਰਾਹੀਂ ਪਾਕਿਸਤਾਨ ਸਥਿਤ ਹੈਂਡਲਰਾਂ ਨਾਲ ਸੰਪਰਕ ਵਿੱਚ ਸਨ। ਪੁਲਿਸ ਵੱਲੋਂ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਦੀ ਸੰਭਾਵਨਾ ਹੈ। ਇਸ ਮਾਮਲੇ ਵਿੱਚ ਥਾਣਾ ਦੀਨਾਨਗਰ ਅਤੇ ਥਾਣਾ ਦੋਰੰਗਲਾ ਵਿੱਚ ਐਨਡੀਪੀਐਸ ਐਕਟ ਦੀਆਂ ਸੰਬੰਧਤ ਧਾਰਾਵਾਂ ਅਧੀਨ ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਗਈਆਂ ਹਨ।