ਨਿਊਜ਼ ਪੰਜਾਬ
18 ਫ਼ਰਵਰੀ 2026
ਬਠਿੰਡਾ ਵਿੱਚ ਕਿਸਾਨਾਂ ਵੱਲੋਂ ਕੀਤੇ ਜਾਣ ਵਾਲੇ ਧਰਨੇ ਤੋਂ ਪਹਿਲਾਂ ਪੁਲਿਸ ਨੇ ਤੜਕਸਾਰ ਵੱਡੀ ਕਾਰਵਾਈ ਕਰ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਿਕ ਕਈ ਕਿਸਾਨ ਆਗੂਆਂ ਦੇ ਘਰਾਂ ਵਿੱਚ ਛਾਪੇਮਾਰੀ ਕੀਤੀ ਗਈ ਅਤੇ ਕੁਝ ਆਗੂਆਂ ਨੂੰ ਘਰਾਂ ਵਿੱਚ ਹੀ ਨਜ਼ਰਬੰਦ ਕਰਨ ਦੀ ਕੋਸ਼ਿਸ਼ ਵੀ ਹੋਈ। ਗਿੱਦੜਬਾਹਾ ਦੇ ਪਿੰਡ ਮੱਲਣ ਵਿੱਚ ਕਿਸਾਨ ਆਗੂ ਬਿੱਟੂ ਮੱਲਣ ਦੇ ਘਰ ਵੀ ਪੁਲਿਸ ਪਹੁੰਚੀ, ਹਾਲਾਂਕਿ ਉਹ ਉਸ ਵੇਲੇ ਘਰ ਵਿੱਚ ਮੌਜੂਦ ਨਹੀਂ ਸਨ।
ਦੱਸਿਆ ਜਾ ਰਿਹਾ ਹੈ ਕਿ ਬੀਕੇਯੂ ਉਗਰਾਹਾਂ ਵੱਲੋਂ ਬਠਿੰਡਾ ਡੀਸੀ ਦਫ਼ਤਰ ਅੱਗੇ ਕਿਸਾਨ ਸਾਥੀਆਂ ਦੀ ਰਿਹਾਈ ਲਈ ਧਰਨਾ ਦੇਣ ਦੀ ਕਾਲ ਦਿੱਤੀ ਗਈ ਹੈ। ਇਸਨੂੰ ਦੇਖਦੇ ਹੋਏ 1500 ਤੋਂ ਵੱਧ ਪੁਲਿਸ ਮੁਲਾਜ਼ਮ ਤੈਨਾਤ ਕਰ ਦਿੱਤੇ ਗਏ ਹਨ ਅਤੇ ਬਠਿੰਡਾ ਸ਼ਹਿਰ ਵਿੱਚ ਦਾਖ਼ਲ ਹੋਣ ਵਾਲੇ ਰਸਤਿਆਂ ’ਤੇ ਵੀ ਕੜੀ ਨਾਕਾਬੰਦੀ ਕੀਤੀ ਗਈ ਹੈ। ਸਥਿਤੀ ਨੂੰ ਲੈ ਕੇ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ।
