ਨਿਊਜ਼ ਪੰਜਾਬ
18 ਫ਼ਰਵਰੀ 2026
ਜਗਰਾਓਂ ਨੇੜੇ ਪਿੰਡ ਚੌਂਕੀਮਾਨ ਵਿਖੇ ਸਥਿਤ ਸੀਟੀ ਯੂਨੀਵਰਸਿਟੀ ਦੀ ਇਮਾਰਤ ਤੋਂ 19 ਸਾਲਾ BBA ਦੀ ਵਿਦਿਆਰਥਣ ਸ਼ਬਨੂਰ ਵੱਲੋਂ ਖੁਦਕੁਸ਼ੀ ਕਰਨ ਦਾ ਦੁੱਖਦਾਈ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਤੁਰੰਤ ਮੌਕੇ ‘ਤੇ ਪਹੁੰਚ ਗਈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਗਰਾਓਂ ਭੇਜ ਦਿੱਤਾ ਗਿਆ।
ਮੌਕੇ ‘ਤੇ ਪਹੁੰਚੇ ਡੀਐਸਪੀ ਜਸਵਿੰਦਰ ਸਿੰਘ ਢੀਂਡਸਾ ਅਤੇ ਯੂਨੀਵਰਸਿਟੀ ਦੇ ਡਾਇਰੈਕਟਰ ਦਵਿੰਦਰ ਸਿੰਘ ਨੇ ਦੱਸਿਆ ਕਿ ਪ੍ਰਾਰੰਭਿਕ ਜਾਣਕਾਰੀ ਮੁਤਾਬਕ ਮ੍ਰਿਤਕਾ ਲੁਧਿਆਣਾ ਦੀ ਰਹਿਣ ਵਾਲੀ ਸੀ ਅਤੇ ਰੋਜ਼ਾਨਾ ਲੁਧਿਆਣਾ ਤੋਂ ਯੂਨੀਵਰਸਿਟੀ ਪੜ੍ਹਨ ਆਉਂਦੀ ਸੀ। ਹਾਲਾਂਕਿ ਉਸਨੇ ਇਹ ਕਦਮ ਕਿਉਂ ਚੁੱਕਿਆ, ਇਸ ਬਾਰੇ ਅਜੇ ਤੱਕ ਕੋਈ ਸਪਸ਼ਟ ਕਾਰਨ ਸਾਹਮਣੇ ਨਹੀਂ ਆਇਆ।
ਪੁਲਿਸ ਨੇ ਕਿਹਾ ਹੈ ਕਿ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਸੱਚਾਈ ਸਾਹਮਣੇ ਲਿਆਂਦੀ ਜਾਵੇਗੀ। ਸਿਵਲ ਹਸਪਤਾਲ ਪਹੁੰਚੇ ਪਰਿਵਾਰਕ ਮੈਂਬਰਾਂ ਨੇ ਮੀਡੀਆ ਨਾਲ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਉਨ੍ਹਾਂ ਦਾ ਰੋ-ਰੋ ਕੇ ਬੁਰਾ ਹਾਲ ਸੀ।
