ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ, ਢਾਡੀ ਤੇ ਕਵੀਸ਼ਰ ਸਿੰਘਾਂ ਨਾਲ ਕੀਤੀ ਇਕੱਤਰਤਾ

ਨਿਊਜ਼ ਪੰਜਾਬ

20 ਫ਼ਰਵਰੀ 2026

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕਾਂ, ਢਾਡੀ ਅਤੇ ਕਵੀਸ਼ਰ ਸਿੰਘਾਂ ਨਾਲ ਅਹਿਮ ਇਕੱਤਰਤਾ ਕਰਕੇ ਧਰਮ ਪ੍ਰਚਾਰ ਲਹਿਰ ਨੂੰ ਹੋਰ ਤੇਜ਼ ਕਰਨ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ ਅਤੇ ਰਹਿਤ ਮਰਯਾਦਾ ਨਾਲ ਜੋੜਨ ਲਈ ਪਿੰਡ ਪੱਧਰ ’ਤੇ ਗੁਰਮਤਿ ਸਮਾਗਮ ਅਤੇ ਅੰਮ੍ਰਿਤ ਸੰਚਾਰ ਸਮਾਗਮ ਕਰਵਾਉਣ ਦੀ ਯੋਜਨਾ ਬਾਰੇ ਜਾਣਕਾਰੀ ਦਿੱਤੀ।

ਪ੍ਰਧਾਨ ਧਾਮੀ ਨੇ ਦੱਸਿਆ ਕਿ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ 14 ਮਾਰਚ 2026 ਨੂੰ ਵੱਡੇ ਪੱਧਰ ’ਤੇ ਮਨਾਈ ਜਾਵੇਗੀ। ਇਸ ਤੋਂ ਇਲਾਵਾ ਮਈ ਮਹੀਨੇ ਸ੍ਰੀ ਕੀਰਤਪੁਰ ਸਾਹਿਬ ਦੇ ਸਥਾਪਨਾ ਦਿਵਸ ਦੇ ਸਮਾਗਮ ਵੀ ਆਯੋਜਿਤ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਪਹਿਲਾਂ ਵਾਂਗ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਸਮੇਂ ਸੰਗਤਾਂ ਅਤੇ ਮੁਲਾਜ਼ਮਾਂ ਵੱਲੋਂ ਦਿੱਤਾ ਗਿਆ ਸਹਿਯੋਗ ਕਾਬਿਲ-ਏ-ਤਾਰੀਫ਼ ਰਿਹਾ। ਹੁਣ ਧਰਮ ਪ੍ਰਚਾਰ ਲਹਿਰ ਤਹਿਤ ਸਕੂਲਾਂ ਅਤੇ ਕਾਲਜਾਂ ਵਿੱਚ ਵਿਦਿਆਰਥੀਆਂ ਦੇ ਪੇਪਰਾਂ ਤੋਂ ਬਾਅਦ ਵਿਸ਼ੇਸ਼ ਕੈਂਪ ਲਗਾ ਕੇ ਗੁਰਮਤਿ, ਸਿੱਖ ਇਤਿਹਾਸ ਅਤੇ ਰਹਿਤ ਮਰਯਾਦਾ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

ਇਸ ਤੋਂ ਇਲਾਵਾ ਗੁਰਦੁਆਰਾ ਸਾਹਿਬਾਂ ਦੇ ਗ੍ਰੰਥੀਆਂ ਲਈ ਵੀ ਗੁਰਬਾਣੀ ਸੰਥਿਆ ਅਤੇ ਮਰਯਾਦਾ ਅਨੁਸਾਰ ਕਾਰਜ ਕਰਨ ਸਬੰਧੀ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਧਰਮ ਪ੍ਰਚਾਰ ਲਹਿਰ ਅਧੀਨ ਅੰਮ੍ਰਿਤਸਰ, ਅਨੰਦਪੁਰ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਪਟਿਆਲਾ ਵਿਖੇ ਚਾਰ ਵੱਡੇ ਗੁਰਮਤਿ ਸਮਾਗਮ ਕਰਵਾਏ ਜਾਣਗੇ।

ਅੰਤ ਵਿੱਚ, ਪ੍ਰਧਾਨ ਧਾਮੀ ਨੇ ਸਮੂਹ ਪ੍ਰਚਾਰਕਾਂ, ਢਾਡੀ ਅਤੇ ਕਵੀਸ਼ਰ ਸਿੰਘਾਂ ਨੂੰ ਸਮਰਪਣ ਭਾਵਨਾ ਨਾਲ ਗੁਰਮਤਿ ਦੇ ਪ੍ਰਚਾਰ-ਪ੍ਰਸਾਰ ਲਈ ਲਗਾਤਾਰ ਕਾਰਜਸ਼ੀਲ ਰਹਿਣ ਦਾ ਆਹਵਾਨ ਕੀਤਾ।